ਫਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਅੱਜ ਵੱਡੀ ਗਿਣਤੀ ਸੰਗਤਾਂ ਦੀ ਆਮਦ ਨਾਲ ਸ਼ੁਰ ਹੋ ਗਿਆ। ਬੇਸ਼ੱਕ ਪਿਛਲੇ ਕੁਝ ਦਿਨਾਂ ਤੋਂ ਕਾਫੀ ਸੰਗਤ ਇੱਥੇ ਪਹੁੰਚ ਰਹੀ ਹੈ ਪਰ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਏ।

ਵੱਡੀ ਗਿਣਤੀ ਸੰਗਤਾਂ ਦੀ ਆਮਦ ਨੂੰ ਮੁੱਖ ਰਖ ਕੇ ਸ਼ਰਧਾਲੂਆਂ ਵੱਲੋਂ ਲੰਗਰ ਚਾਲੂ ਕਰ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਹੀਦੀ ਸਭਾ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। 26 ਤੇ 27 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ਦਿਖਾਏ ਜਾਣਗੇ।

ਇਸ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਛੱਡ ਕੇ ਹੋਰ ਪਾਰਟੀਆਂ ਸਿਆਸੀ ਕਾਨਫਰੰਸਾਂ ਨਹੀਂ ਕਰ ਰਹੀਆਂ। ਉਂਝ ਸਿਆਸੀ ਲੀਡਰ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਅਜਨਾਲਾ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਮੀਤ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰਾ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਖਿਆਲਾ, ਜਥੇ. ਮੱਖਣ ਸਿੰਘ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ।