Shambhu Border: ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਉਪਰ ਹਰਿਆਣਾ ਸਰਕਾਰ ਦੇ ਵਕੀਲ ਦੀਪਕ ਸੱਭਰਵਾਲ ਨੇ ਕਿਹਾ ਕਿ ਬੈਰੀਕੇਡ ਉਦੋਂ ਹੀ ਖੁੱਲ੍ਹਣਗੇ ਜਦੋਂ ਕਿਸਾਨ ਪਾਸੇ ਹਟਣਗੇ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਹੁਕਮ ਦਿੱਤੇ ਹਨ ਕਿ ਅਮਨ-ਸ਼ਾਂਤੀ ਦੀ ਸਥਿਤੀ ਬਣਾ ਕੇ ਰੱਖੀ ਜਾਵੇ।
ਐਡਵੋਕੇਟ ਦੀਪਕ ਸੱਭਰਵਾਲ ਨੇ ਕਿਹਾ ਹੈ ਕਿ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਬੈਰੀਕੇਡ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜੇਕਰ ਕਾਨੂੰਨ ਵਿਵਸਥਾ ਦੀ ਸਥਿਤੀ ਆਉਂਦੀ ਹੈ ਤਾਂ ਸਰਕਾਰ ਜੋ ਚਾਹੇ ਫੈਸਲਾ ਲੈ ਸਕਦੀ ਹੈ। ਇਹੀ ਹੁਕਮ ਪੰਜਾਬ ਸਰਕਾਰ ਨੂੰ ਵੀ ਅਮਨ-ਕਾਨੂੰਨ ਬਣਾਈ ਰੱਖਣ ਲਈ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਈਵੇ ਉਦੋਂ ਹੀ ਖੋਲ੍ਹਿਆ ਜਾਵੇਗਾ, ਜਦੋਂ ਕਿਸਾਨ ਉਥੋਂ ਹਟਣਗੇ।
ਐਡਵੋਕੇਟ ਸੱਭਰਵਾਲ ਨੇ ਦੱਸਿਆ ਕਿ ਇਹ ਸੜਕ 10 ਫਰਵਰੀ 2024 ਤੋਂ ਬੰਦ ਹੈ। ਅਸੀਂ ਹਾਈ ਕੋਰਟ ਨੂੰ ਦੱਸਿਆ ਕਿ ਬੈਰੀਕੇਡਿੰਗ ਸਿਰਫ਼ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੀ ਗਈ ਹੈ। ਕਿਸਾਨ ਪੰਜਾਬ ਵੱਲ ਬੈਠੇ ਹਨ। ਇਨ੍ਹਾਂ ਦੀ ਗਿਣਤੀ ਦਿਨ-ਰਾਤ 400 ਦੇ ਕਰੀਬ ਰਹਿੰਦੀ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਤੈਅ ਥਾਂ 'ਤੇ ਬਿਠਾਵੇ। ਅਸੀਂ ਤੁਰੰਤ ਬੈਰੀਕੇਡਿੰਗ ਹਟਾ ਦੇਵਾਂਗੇ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਬਾਰਡਰ ਖੁੱਲ੍ਹਣ ਮਗਰੋਂ ਕਿਸਾਨ ਦਿੱਲੀ ਜਾਣਗੇ। ਕਿਸਾਨਾਂ ਨੇ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਦਿੱਲੀ ਕੂਚ ਬਾਰੇ ਅਗਲੀ ਰਣਨੀਤੀ ਮੀਟਿੰਗ ਕਰਕੇ ਉਲੀਕੀ ਜਾਵੇਗੀ।
ਦਰਅਸਲ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਸੜਕ ਕਲੀਅਰ ਕਰੇ। ਉਥੋਂ ਬੈਰੀਕੇਡ ਹਟਾ ਦਿੱਤੇ ਜਾਣ। ਹਾਈ ਕੋਰਟ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਸਥਿਤੀ ਸ਼ਾਂਤੀਪੂਰਨ ਹੈ। ਕਿਸਾਨਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਹਨ। ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ।