ਚੰਡੀਗੜ੍ਹ: ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ ਰਹੇ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੈਂ ਪਾਰਟੀ ਛੱਡ ਦਿੱਤੀ ਹੈ, ਜਦਕਿ ਅਕਾਲੀ ਦਲ ਨੇ ਪ੍ਰੈੱਸ ਬਿਆਨ ਜਾਰੀ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਇਹ ਵਰਤਾਰਾ ਟਕਸਾਲੀ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਦੇ ਅਸਤੀਫ਼ਾ ਤੇ ਬਰਖ਼ਾਸਤਗੀ ਵਾਂਗ ਹੀ ਵਾਪਰਿਆ ਹੈ।


ਸ਼ੇਰ ਸਿੰਘ ਘੁਬਾਇਆ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਪਾਰਟੀ ਦੀਆਂ ਗ਼ਲਤ ਨੀਤੀਆਂ ਕਰਕੇ ਛੱਡ ਰਹੇ ਹਨ। ਹਾਲਾਂਕਿ, ਘੁਬਾਇਆ ਦੇ ਅਸਤੀਫ਼ੇ ਦੀ ਖ਼ਬਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਬਿਆਨ ਜਾਰੀ ਹੋ ਗਏ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬਾਦਲ ਨੇ ਪਾਰਟੀ ਦੇ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਫਾਰਗ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਘੁਬਾਇਆ ਲੰਮੇ ਸਮੇਂ ਤੋਂ ਅਕਾਲੀ ਦਲ ਦੀ ਖ਼ਿਲਾਫ ਬਿਆਨਬਾਜ਼ੀ ਕਰਦੇ ਆ ਰਹੇ ਸਨ। ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਜਲਾਲਾਬਾਦ ਹਲਕੇ 'ਚ ਘੁਬਾਇਆ ਦਾ ਕਾਫੀ ਰਸੂਖ ਵੀ ਹੈ ਅਤੇ ਵੋਟ ਬੈਂਕ ਵੀ। ਘੁਬਾਇਆ ਦੇ ਪੁੱਤਰ ਦਵਿੰਦਰ ਸਿੰਘ ਘੁਬਾਇਆ ਕਾਂਗਰਸ ਦੀ ਟਿਕਟ ਤੋਂ ਫ਼ਾਜ਼ਿਲਕਾ ਤੋਂ ਵਿਧਾਇਕ ਹਨ। ਅਜਿਹੇ ਵਿੱਚ ਘੁਬਾਇਆ ਦਾ ਅਗਲਾ ਸਿਆਸੀ ਕਦਮ ਕੀ ਹੋਵੇਗਾ ਇਹ ਕਹਿਣਾ ਹਾਲੇ ਜਲਦਬਾਜ਼ੀ ਹੋਵੇਗੀ।