ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿਣਾ ਤੋਂ ਇੱਕ ਦਿਨ ਬਾਅਦ ਹੀ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ।
ਯਾਦ ਰਹੇ ਪਿਛਲੇ ਕਰੀਬ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਘੁਬਾਇਆ ਨੇ ਸੋਮਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਘੁਬਾਇਆ ਨੇ ਕਿਹਾ ਸੀ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸੱਦਾ ਤੱਕ ਨਹੀਂ ਦਿੱਤਾ ਗਿਆ।
ਫਿਰੋਜ਼ਪੁਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼ੇਰ ਸਿੰਘ ਘੁਬਾਇਆ ‘ਰਾਏ ਸਿੱਖ’ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਸ ਜ਼ਿਲ੍ਹੇ ਵਿੱਚ ਪਾਰਟੀ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਇਸ ਭਾਈਚਾਰੇ ਦੀ ਹਮਾਇਤ ਸ਼ੇਰ ਸਿੰਘ ਨੂੰ ਮੰਨੀ ਜਾਂਦੀ ਹੈ। ਘੁਬਾਇਆ ਦਾ ਪੁੱਤਰ ਪਹਿਲਾਂ ਹੀ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦਾ ਵਿਧਾਇਕ ਹੈ।