ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ। ਉਨ੍ਹਾਂ ਦੀ ਟੱਕਰ ਬੀਬੀ ਜਗੀਰ ਕੌਰ ਨਾਲ ਹੋ ਸਕਦੀ ਹੈ।
ਪਾਰਟੀ ਦੇ ਬੁਲਾਰੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
ਦੱਸ ਦਈਏ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰਦਾ ਸੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਉੱਪਰ ਇਲਜ਼ਾਮ ਲੱਗਦੇ ਸੀ ਕਿ ਪ੍ਰਧਾਨ ਹਮੇਸ਼ਾਂ ਬਾਦਲਾਂ ਦੇ ਲਿਫਾਫੇ ਵਿੱਚੋਂ ਨਿਕਲਦਾ ਹੈ।
ਬੀਬੀ ਜਗੀਰ ਕੌਰ ਬਣੇ ਵੱਡੀ ਚੁਣੌਤੀ
ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹੁਣ ਬਾਦਲ ਪਰਿਵਾਰ ਨੂੰ ਸਿੱਧਾ ਵੰਗਾਰਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚੋਂ ਸਸਪੈਂਡ ਕਰਨ ਦੇ ਬਾਵਜੂਦ ਉਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਚੋਣ ਲੜਨ ਦੇ ਆਪਣੇ ਸਟੈਂਡ ’ਤੇ ਕਾਇਮ ਹਨ। ਇਸ ਨਾਲ ਹੀ ਬੀਬੀ ਜਗੀਰ ਕੌਰ ਨਿੱਤ ਨਵੇਂ ਖੁਲਾਸੇ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾ ਰਹੇ ਹਨ।
ਬੀਬੀ ਜਗੀਰ ਕੌਰ ਨੇ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਅੰਦਰ ਲਿਫ਼ਾਫ਼ਾ ਕਲਚਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਦਾ ਵਿਰੋਧ ਕਰਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਹੋਰ ਖੁਲਾਸਾ ਕਰਦਿਆਂ ਕਿਹਾ ਕਿ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨਾਲ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ। ਗੱਠਜੋੜ ਬਿਨਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਦਾ ਪੰਜਾਬ ਵਿੱਚ ਜਿੱਤਣਾ ਮੁਸ਼ਕਲ ਹੈ। ਇਸ ਲਈ ਦੋਵਾਂ ਪਾਰਟੀਆਂ ਨੂੰ ਗੱਠਜੋੜ ਕਰਨਾ ਪਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ