Panchayat Election Punjab: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਸੂਬੇ ਵਿੱਚ ਵੋਟਿੰਗ ਤੋਂ ਪਹਿਲਾਂ ਹੀ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਇਸ ਕਰਕੇ ਪੰਚਾਇਤੀ ਚੋਣਾਂ ਨੂੰ ਹਾਈਕੋਰਟ ਤੱਕ ਚੁਣੌਤੀ ਦਿੱਤੀ ਜਾ ਰਹੀ ਹੈ। ਬੇਸ਼ੱਕ ਇੱਕ ਵਾਰ ਅਦਾਲਤ ਨੇ ਕਈ ਪਟੀਸ਼ਨਾਂ ਖਾਰਜ ਕਰਕੇ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਕਾਨੂੰਨੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ। 



ਦਰਅਸਲ ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੱਤਾਧਾਰੀ ਧਿਰ ’ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਦੀ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਜਾਂ ਧੱਕੇ ਨਾਲ ਰੱਦ ਕਰਨ ਵਿਰੁੱਧ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਹੈ। 


ਇਹ ਵੀ ਪੜ੍ਹੋ: ਪੰਜਾਬ ਦੇ ਹੈੱਡਮਾਸਟਰਾਂ ਦੀ ਟੀਮ ਅਹਿਮਦਾਬਾਦ ਰਵਾਨਾ, ਸਿੱਖਿਆ ਮੰਤਰੀ ਨੇ ਦਿਖਾਈ ਹਰੀ ਝੰਡੀ


ਸ਼੍ਰੋਮਣੀ ਅਕਾਲੀ ਦਲ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਿੱਚ ਨਾਕਾਮ ਰਹਿਣ ਵਾਲੇ ਉਮੀਦਵਾਰਾਂ ਨੂੰ ਆਪਣੇ ਕਾਗਜ਼ ਤੇ ਸੱਤਾਧਾਰੀਆਂ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਸਬੂਤ ਲੈ ਕੇ ਚੰਡੀਗੜ੍ਹ ਦੇ ਸੈਕਟਰ-28 ਸਥਿਤ ਪਾਰਟੀ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉੱਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਜੋ ਇਸ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕਾਨੂੰਨੀ ਲੜਾਈ ਲੜੇਗੀ। ਇਹ ਟੀਮ ਪਾਰਟੀ ਦੇ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਹੈ। 



ਡਾ. ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਸਰਪੰਚ ਤੇ ਪੰਚ ਦੇ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਅਕਾਲੀ ਦਲ ਦੀ ਕਾਨੂੰਨੀ ਟੀਮ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕਰੇਗੀ। ਇਨ੍ਹਾਂ ਕੇਸਾਂ ਨੂੰ ਤਿਆਰ ਕਰਕੇ ਅਕਾਲੀ ਦਲ ਦਾ ਵਫਦ ਪਹਿਲਾਂ ਸੂਬਾਈ ਚੋਣ ਕਮਿਸ਼ਨ ਨੂੰ ਮਿਲੇਗਾ ਤੇ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰੇਗਾ। 


ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਹਾਈ ਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਜਾਵੇਗੀ। ਇਸ ਦੌਰਾਨ ਡਾ. ਚੀਮਾ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਤੇ ਬੌਬੀ ਮਾਨ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੇ ਪੁੱਤਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ। ਇਨ੍ਹਾਂ ਨੂੰ ਨਿਆਂ ਦੇਣ ਦੀ ਥਾਂ ਸੀਨੀਅਰ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰ ਦਿੱਤੇ ਗਏ ਹਨ।