Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦਾ ਮਾਮਲਾ ਗਰਮਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਸਭ ਤੋਂ ਵੱਧ ਐਕਟਿਵ ਸ਼੍ਰੋਮਣੀ ਅਕਾਲੀ ਦਲ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਜ਼ਮੀਨ ਦਾ ਸਰਵੇਖਣ ਕਰ ਰਹੀ ਕੇਂਦਰ ਦੀ ਕਿਸੇ ਵੀ ਟੀਮ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ। 


ਸ਼੍ਰੋਮਣੀ ਅਕਾਲੀ ਦਲ ਦੇ ਇਸ ਐਲਾਨ ਨਾਲ ਜਿੱਥੇ ਕੇਂਦਰ ਸਰਕਾਰ ਨਾਲ ਟਕਰਾਅ ਵਧਣ ਦਾ ਆਸਾਰ ਬਣੇ ਗਏ ਹਨ, ਉੱਥੇ ਹੀ ਪੰਜਾਬ ਅੰਦਰ ਨਵਾਂ ਸਿਆਸੀ ਉਬਾਲ ਆਉਂਦਾ ਨਜ਼ਰ ਆ ਰਿਹਾ ਹੈ। ਐਸਵਾਈਐਲ ਦਾ ਮੁੱਦਾ ਪੰਜਾਬੀਆਂ ਨਾਲ ਸਿਆਸੀ ਹੋਣ ਦੇ ਨਾਲ ਹੀ ਜਜ਼ਬਾਤੀ ਤੌਰ ਉੱਪਰ ਵੀ ਜੁੜਿਆ ਹੋਇਆ ਹੈ। ਇਸ ਮੁੱਦੇ ਉੱਪਰ ਜਿੱਥੇ ਦੂਜੀਆਂ ਪਾਰਟੀਆਂ ਨਾਪ-ਤੋਲ ਕੇ ਸਟੈਂਡ ਲੈ ਰਹੇ ਹਨ, ਉੱਥੇ ਅਕਾਲੀ ਦਲ ਨੰਗੇ ਧੜ ਮੈਦਾਨ ਵਿੱਚ ਡਟ ਗਿਆ ਹੈ।


ਇਸ ਲਈ ਹੀ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਕਪੂਰੀ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਨਾਲ ਪਾਣੀ ਦੀ ਇੱਕ ਬੂੰਦ ਵੀ ਵੰਡਣ ਨਹੀਂ ਦੇਵੇਗੀ। ਸੁਖਬੀਰ ਬਾਦਲ ਨੇ ਕਿਹਾ, “ਭਾਵੇਂ ਇਹ ਸੁਪਰੀਮ ਕੋਰਟ ਦਾ ਕੋਈ ਨਿਰਦੇਸ਼ ਹੋਵੇ ਜਾਂ ਪ੍ਰਧਾਨ ਮੰਤਰੀ ਵੱਲੋਂ ਹਰਿਆਣੇ ਨੂੰ ਪਾਣੀ ਦੀ ਸਹੂਲਤ ਦੇਣ ਲਈ ਫੌਜ ਭੇਜਣਾ ਹੋਏ, ਅਸੀਂ ਇਸ ਨੂੰ ਹਕੀਕਤ ਨਹੀਂ ਬਣਨ ਦੇਵਾਂਗੇ। 


ਸੁਖਬੀਰ ਬਾਦਲ ਨੇ 10 ਅਕਤੂਬਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿੱਚ ਪਾਰਟੀ ਦੇ ਸੀਨੀਅਰ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਯੂਥ ਅਕਾਲੀ ਦਲ ਦੇ ਵਰਕਰ ਵੱਧ ਚੜ੍ਹ ਕੇ ਹਿੱਸਾ ਲੈਣਗੇ।



ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ। ਬਾਦਲ ਨੇ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਸੀ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਦੇ ਇਸ਼ਾਰੇ 'ਤੇ ਸੀਐਮ ਮਾਨ ਨੇ ਸੁਪਰੀਮ ਕੋਰਟ 'ਚ ਪੰਜਾਬ ਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ ਹੈ।


ਦੱਸ ਦਈਏ ਕਿ SYL ਨਹਿਰ ਬਣਾਉਣ ਪਿੱਛੇ ਰਾਵੀ ਤੇ ਬਿਆਸ ਦਰਿਆਵਾਂ ਦੇ ਪਾਣੀ ਦੀ ਪ੍ਰਭਾਵਸ਼ਾਲੀ ਵੰਡ ਦਾ ਤਰਕ ਦਿੱਤਾ ਗਿਾ ਸੀ। ਇਸ ਪ੍ਰੋਜੈਕਟ ਵਿੱਚ 214 ਕਿਲੋਮੀਟਰ ਲੰਬੀ ਨਹਿਰ ਬਣਾਈ ਜਾਣੀ ਹੈ, ਜਿਸ ਵਿੱਚੋਂ 122 ਕਿਲੋਮੀਟਰ ਪੰਜਾਬ ਵਿੱਚ ਤੇ ਬਾਕੀ 92 ਕਿਲੋਮੀਟਰ ਹਰਿਆਣਾ ਵਿੱਚ ਬਣਾਈ ਜਾਣੀ ਹੈ। ਹਰਿਆਣਾ ਨੇ ਆਪਣੇ ਖੇਤਰ ਵਿੱਚ ਇਹ ਪ੍ਰਾਜੈਕਟ ਪੂਰਾ ਕਰ ਲਿਆ ਹੈ, ਪਰ ਪੰਜਾਬ ਵਿੱਚ ਇਹ 1982 ਵਿੱਚ ਸ਼ੁਰੂ ਹੋਇਆ ਤੇ ਬਾਅਦ ਵਿੱਚ ਬੰਦ ਹੋ ਗਿਆ।