ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ  ‘ਚੱਕਾ ਜਾਮ’ ਪ੍ਰੋਗਰਾਮ ਤਹਿਤ ਸੂਬੇ ਭਰ ਵਿਚ ਰੋਸ ਮੁਜ਼ਾਹਰੇ ਕੀਤੇ। ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਤੁਰੰਤ ਕੈਬਨਿਟ ਮੀਟਿੰਗ ਸੱਦਣ ਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਲਿਆਉਣ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਕੇਂਦਰੀ ਖੇਤੀਬਾੜੀ ਬਿੱਲ ਪੰਜਾਬ ਵਿਚ ਲਾਗੂ ਹੋਣ ਯੋਗ ਨਾ ਰਹਿਣ।
ਅਕਾਲੀ ਦਲ ਨੇ ਸੂਬੇ ਦੇ ਸਾਰੇ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਰਲ ਕੇ ਰੋਸ ਮੁਜ਼ਾਹਰੇ ਕੀਤੇ ਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਉਹਨਾਂ ਨਾਲ ਕਿਸੇ ਤਰੀਕੇ ਦਾ ਵਿਤਕਰਾ ਨਹੀਂ ਹੋਣ ਦੇਵੇਗੀ। ਪਾਰਟੀ ਨੇ ਖੇਤੀਬਾੜੀ ਬਿੱਲਾਂ ਖਿਲਾਫ ਰੋਸ ਪ੍ਰਗਟਾਅ ਰਹੀਆਂ ਸਾਰੀਆਂ ਪਾਰਟੀਆਂ ਤੇ ਸੰਗਠਨਾਂ ਨੂੰ ਕਿਸਾਨਾਂ ਦੇ ਹਿਤਾਂ ਵਾਸਤੇ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ।



ਬਾਦਲ ਪਿੰਡ ਤੋਂ ਟਰੈਕਟਰ ਰੈਲੀ ਦੀ ਅਗਵਾਈ ਕਰਦਿਆਂ ਲੰਬੀ ਵਿਚ ਰੋਸ ਮੁਜ਼ਾਹਰੇ ਵਿਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਕੈਬਨਿਟ ਮੀਟਿੰਗ ਸੱਦਣ ਅਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ। ਉਹਨਾਂ ਕਿਹਾ ਕਿ ਇਸ ਉਪਰੰਤ ਰਾਜ ਸਰਕਾਰ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਆਰਡੀਨੈਂਸ ਲਈ ਬਿੱਲ ਪੇਸ਼ ਕਰ ਕੇ ਕਾਨੂੰਨ ਬਣਾਏ।
ਉਹਨਾਂ ਕਿਹਾ ਕਿ ਮੈਂ ਦੋ ਦਿਨ ਪਹਿਲਾਂ ਇਹ ਬੇਨਤੀ ਕੀਤੀ ਸੀ ਤੇ ਸਰਕਾਰ ਨੂੰ ਇਸ ’ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਾਡੀਆਂ ਆਉਂਦੀਆਂ ਪੀੜੀਆਂ ਦਾ ਭਵਿੱਖ ਬਚਾਇਆ ਜਾ ਸਕੇ।
ਉਹਨਾਂ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਨੂੰ ਆਖਦੇ ਹਾਂ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਹ ਸੋਧ ਖਾਰਜ ਕਰੇ। ਬਾਦਲ ਨੇ ਮੌਕੇ ’ਤੇ ਇਹ ਵੀ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਹ ਕਦਮ ਨਾ ਚੁੱਕਿਆ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਸੂਬੇ ਵਿਚ ਸਰਕਾਰ ਬਣਾਉਣ ਮਗਰੋਂ ਇਹ ਕਦਮ ਚੁੱਕੇਗਾ।



ਇਸ ਦੌਰਾਨ ‘ਇਕੋ ਨਾਅਰਾ, ਕਿਸਾਨ ਪਿਆਰਾ’ ਦੇ ਨਾਅਰਿਆਂ ਦੇ ਵਿਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੀ ਧੀ ਵਜੋਂ ਆਪਣਾ ਫਰਜ਼ ਨਿਭਾਇਆ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਜਿਹਨਾਂ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਅਗਸਤ ਤੋਂ ਹੀ ਪਤਾ ਸੀ ਕਿ ਅਜਿਹੇ ਆਰਡੀਨੈਂਸ ਆ ਰਹੇ ਹਨ। ਉਹਨਾਂ ਕਿਹਾ ਕਿ ਇਸਦਾ ਠੋਸ ਸਬੂਤ ਉਹ ਪੱਤਰ ਹੈ ਜੋ ਉਹਨਾਂ ਦੀ ਸਰਕਾਰ ਨੂੰ ਮਿਲਿਆ ਪਰ ਉਹਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਇਸ ਕਦਮ ਦਾ ਵਿਰੋਧ ਕਰਨ ਦੀ ਥਾਂ ਚੁੱਪੀ ਧਾਰੀ ਰੱਖੀ।
ਉਹਨਾਂ ਕਿਹਾ ਕਿ ਦੂਜੇ ਪਾਸੇ ਜਦੋਂ ਮੈਨੂੰ ਮਹਿਸੂਸ ਹੋਇਆ ਕਿ ਕਿਸਾਨਾਂ ਦੇ ਖਦਸ਼ੇ ਦੂਰ ਨਹੀਂ ਕੀਤੇ ਜਾ ਰਹੇ ਤਾਂ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਚਮੁੱਚ ਕਿਸਾਨਾਂ ਦੀ ਚਿੰਤਾ ਹੈ ਤਾਂ ਫਿਰ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।


ਉਧਰ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਕਿਸਾਨ ਤਬਾਹ ਹੋਏ ਤਾਂ ਸਾਰਾ ਸੂਬਾ ਤਬਾਹ ਹੋ ਜਾਵੇਗਾ। ਉਹਨਾਂ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਿਹਾ ਹੈ, ਦੂਜੇ ਪਾਸੇ ਕਾਂਗਰਸ ਪਾਰਟੀ ਦੋਗਲੀਆਂ ਚਾਲਾਂ ਚਲ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸ ਰਹੀ ਹੈ ਜਦਕਿ ਸੱਚਾਈ ਇਹ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਇਥੇ ਕਾਰਪੋਰੇਟ ਘਰਾਣਿਆਂ ਨੂੰ ਖੇਤੀਬਾੜੀ ਸੈਕਟਰ ਵਿਚ ਪ੍ਰਵੇਸ਼ ਕਰਵਾਇਆ।

ਉਹਨਾਂ ਕਿਹਾ ਕਿ ਇਸੇ ਤਰੀਕੇ ਕਾਂਗਰਸ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਵੇਲੇ ਜੋ ਚੋਣ ਮਨੋਰਥ ਪੱਤਰ ਜਾਰੀ ਕੀਤਾ, ਉਸ ਵਿਚ ਏ ਪੀ ਐਮ ਸੀ ਐਕਟ ਖਤਮ ਕਰਨ ਦੀ ਗੱਲ ਕੀਤੀ ਗਈ ਸੀ। ਉਹਨਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਜ਼ਰੂਰੀ ਵਸਤਾਂ ਸੋਧ ਐਕਟ ਵਿਚ ਸੋਧ ਦੀ ਵਕਾਲਤ ਕੀਤੀ ਸੀ।

ਅਕਾਲੀ ਦਲ ਵੱਲੋਂ ਵੱਖ-ਵੱਖ ਥਾਈਂ ਕਿਸਾਨਾਂ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।