Punjab politics: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚੋਂ ਬਚਦੀ ਇਲਕੌਤੀ ਖਡੂਰ  ਸਾਹਿਬ ਦੀ ਸੀਟ ਉੱਤੇ ਉਮੀਦਵਾਰਾ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਚਰਚਾਵਾਂ ਸਨ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਨੂੰ ਚੋਣ ਲੜਾਈ ਜਾ ਸਕਦੀ ਹੈ ਪਰ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਹੈ।


 






 


ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ਉੱਤੇ ਇਸ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਨੇ ਟਵੀਟ ਕਰਦਿਆਂ ਕਿਹਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ 'ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਸਮੇਤ ਚੰਡੀਗੜ੍ਹ ਦੀ ਇੱਕ ਸੀਟ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ। ਜੇ ਇੱਕ ਇੱਕ ਕਰਕੇ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਦੀ ਚਰਚਾ ਕੀਤੀ ਜਾਵੇ ਤਾਂ  ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮਹਿੰਦਰ ਕੇਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ  ਨੂੰ ਟਿਕਟ ਦਿੱਤੀ ਗਈ ਹੈ। ਫਿਰੋਜ਼ਪੁਰ ਤੋਂ ਬੌਬੀ ਮਾਨ ਨੂੰ ਟਿਕਟ ਦਿੱਤੀ ਗਈਹੈ


ਇਸ ਤੋਂ ਪਹਿਲਾਂ ਦਲਜੀਤ ਸਿੰਘ ਚੀਮਾ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਗੁਰਦਾਸਪੁਰ, ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਹੈ। ਇਨ੍ਹਾਂ ਸੀਨੀਅਰ ਆਗੂਆਂ ਤੋਂ ਬਾਅਦ ਅਕਾਲੀ ਦਲ ਨੇ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਦੇ ਪੁੱਤਰ ਰਾਜਵਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਅੰਮ੍ਰਿਤਸਰ ਤੋਂ ਦੋ ਹਿੰਦੂ ਚਿਹਰੇ ਅਨਿਲ ਜੋਸ਼ੀ ਅਤੇ ਪਟਿਆਲਾ ਤੋਂ ਐਨਕੇ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ