Punjab News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਾਰਟੀ ਵੱਲੋਂ ਸੁਖਬੀਰ ਬਾਦਲ ਦੀ ਗੈਰ ਹਾਜ਼ਰੀ ਨੂੰ ਕਾਰਨ ਦੱਸਿਆ ਜਾ ਰਿਹਾ ਹੈ, ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਕਿਸੇ ਕਿਸਮ ਦੀ ਚੋਣ ਲੜਨ ਉੱਤੇ ਪੰਬਾਧੀ ਨਹੀਂ ਹੈ।
ਜਥੇਦਾਰ ਨੇ ਕੀ ਕਿਹਾ ?
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਚੋਣ ਲੜਨ ਦੀ ਪਾਬੰਦੀ ਹੈ। ਸ਼੍ਰੋਮਣੀ ਅਕਾਲੀ ਦਲ 'ਤੇ ਕਿਸੇ ਵੀ ਕਿਸਮ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਚਾਰ ਹਲਕਿਆਂ ਦੀਆਂ ਜਿਮਨੀ ਚੋਣਾ ਅਗਲੇ ਮਹੀਨੇ ਆ ਰਹੀਆਂ ਹਨ। ਇਹਨਾਂ ਚੋਣਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਭਾਗ ਲੈ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪਾਰਟੀ ਤੇ ਇਸ ਚੋਣ ਵਿੱਚ ਹਿੱਸਾ ਲੈਣ ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਹੈ ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿੱਚ ਹੋਇਆ ਫੈਸਲਾ
ਪੰਥਕ ਤੇ ਸਿਆਸੀ ਸੰਕਟ 'ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਐਲਾਨਿਆ ਗਿਆ। ਉਹ 31 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਪਰ ਕਾਫੀ ਸਮਾਂ ਬੀਤ ਚੁੱਕਾ ਸੀ। ਕਈ ਵਾਰ ਸਿੰਘ ਸਾਹਿਬ ਨੂੰ ਫੈਸਲਾ ਦੇਣ ਦੀ ਬੇਨਤੀ ਕੀਤੀ ਗਈ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣ ਹੈ। ਲੋਕ ਚਾਹੁੰਦੇ ਸਨ ਕਿ ਪ੍ਰਧਾਨ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਪਰ ਜਿਵੇਂ ਹੀ ਕੱਲ੍ਹ ਜਥੇਦਾਰ ਸਾਹਿਬ ਦਾ ਹੁਕਮ ਆਇਆ ਤਾਂ ਸਾਫ਼ ਹੈ ਕਿ ਉਹ ਪ੍ਰਚਾਰ ਨਹੀਂ ਕਰ ਸਕਦੇ। ਸਮੁੱਚੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਅੱਗੇ ਨਹੀਂ ਜਾਵਾਂਗੇ। ਇਸ ਦੌਰਾਨ ਚੋਣਾਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਗਿਆ ਹੈ।