Punjab politics: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਦੀ ਕਰਵਾਈ ਪਾਰਟੀ ‘ਚ ਵਾਪਸੀ, ਜਾਣੋ ਕਿੱਥੋਂ ਹੋਣਗੇ ਉਮੀਦਵਾਰ ?
ਬੀਬੀ ਜਗੀਰ ਕੌਰ ਨੇ ਸਮੂਹ ਨਾਰਾਜ਼ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸਪੱਸ਼ਟ ਅਪੀਲ ਕੀਤੀ ਹੈ ਕਿ ਉਹ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਨੂੰ ਵੀ ਨਜ਼ਰਅੰਦਾਜ਼ ਕਰਦੇ ਹੋਏ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਵਿੱਚ ਵਾਪਸ ਆਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ।
Punjab Politics: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਪਿੰਡ ਬੇਗੋਵਾਲ ਕਪੂਰਥਲਾ ਵਿੱਚ ਬੀਬੀ ਦੇ ਧਾਰਮਿਕ ਡੇਰੇ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਹਾਲਾਂਕਿ, ਬੀਬੀ ਨੇ ਇਹ ਵੀ ਕਿਹਾ ਕਿ ਉਹ ਘਰ ਨਹੀਂ ਪਰਤੀ ਹੈ ਪਹਿਲਾਂ ਹੀ ਘਰ ਵਿੱਚ ਸੀ। ਉਹ ਪਾਰਟੀ ਨਾਲ ਹੀ ਰਹੇਗੀ।
ਪੰਥ ਅਤੇ ਪੰਜਾਬ ਦੇ ਹੱਕਾਂ ਦਾ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਹਰ ਦਿਨ ਮਜ਼ਬੂਤ ਹੋ ਰਿਹਾ ਹੈ। ਅੱਜ ਮੈਨੂੰ ਬਹੁਤ ਖੁਸ਼ੀ ਹੋਈ ਜਦੋਂ ਸਾਡੇ ਮਾਣਯੋਗ ਬੀਬੀ ਜਗੀਰ ਕੌਰ ਜੀ ਨੇ ਗੁਰੂ ਮਹਾਰਾਜ ਅਤੇ ਸੰਗਤ ਦੀ ਹਾਜ਼ਰੀ 'ਚ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹੋਰ ਮਜਬੂਤੀ ਲਈ ਪੂਰਨ ਸਰਗਰਮੀ ਅਤੇ ਮਿਹਨਤ ਕਰਨ ਦਾ ਪ੍ਰਣ ਲਿਆ।… pic.twitter.com/WicFyYTk0M
— Sukhbir Singh Badal (@officeofssbadal) March 14, 2024
ਬੀਬੀ ਜਗੀਰ ਕੌਰ ਨੇ ਆਪਣੇ ਧਾਰਮਿਕ ਡੇਰੇ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਲੀਡਰਸ਼ਿਪ ਵਿਰੁੱਧ ਦਿੱਤੇ ਬਿਆਨਾਂ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਸੁਖਬੀਰ ਬਾਦਲ ਨੂੰ ਸਿਰੋਪਾਓ ਵੀ ਭੇਟ ਕੀਤਾ।
ਇਸ ਮੌਕੇ ਹੋਰਨਾਂ ਅਕਾਲੀ ਆਗੂ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਜੋ ਕਿ ਔਖੇ ਦੌਰ ਵਿੱਚੋਂ ਲੰਘ ਰਹੀ ਹੈ, ਹੋਰ ਮਜ਼ਬੂਤ ਹੋਵੇਗੀ।
ਬੀਬੀ ਜਗੀਰ ਕੌਰ ਨੇ ਸਮੂਹ ਨਾਰਾਜ਼ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸਪੱਸ਼ਟ ਅਪੀਲ ਕੀਤੀ ਹੈ ਕਿ ਉਹ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਨੂੰ ਵੀ ਨਜ਼ਰਅੰਦਾਜ਼ ਕਰਦੇ ਹੋਏ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਵਿੱਚ ਵਾਪਸ ਆਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੂਜੀਆਂ ਸਿਆਸੀ ਪਾਰਟੀਆਂ ਨਾਲੋਂ ਵੱਖਰੀ ਹੈ ਅਤੇ ਪਾਰਟੀ ਦਾ ਉਦੇਸ਼ ਕੌਮ ਦੀ ਸੇਵਾ ਕਰਨਾ ਹੈ। ਸੁਖਬੀਰ ਨੇ ਕਿਹਾ ਕਿ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਵਰਕਰਾਂ ਅਤੇ ਆਗੂਆਂ ਦਾ ਇੱਕ ਪਰਿਵਾਰ ਵਾਂਗ ਇਕਜੁੱਟ ਹੋਣਾ ਉਨ੍ਹਾਂ ਦਾ ਮੁੱਖ ਫਰਜ਼ ਹੈ। ਉਨ੍ਹਾਂ ਹਰਿਆਣਾ ਵਿੱਚ ਭਾਜਪਾ ਵੱਲੋਂ ਹਾਲ ਹੀ ਵਿੱਚ ਮੁੱਖ ਮੰਤਰੀ ਬਦਲਣ ਦਾ ਜ਼ਿਕਰ ਕੀਤੇ ਬਿਨਾਂ ਕਿਹਾ ਕਿ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਵਰਗਾ ਨਹੀਂ ਹੈ ਜੋ ਰਾਤੋ-ਰਾਤ ਆਪਣਾ ਮੁੱਖ ਮੰਤਰੀ ਬਦਲ ਦਿੰਦੇ ਹਨ।