Shiromani Akali Dal: ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਖਿਲਾਫ ਉੱਠ ਖੜ੍ਹਾ ਪੂਰਾ ਪੰਥ, ਅਕਾਲੀ ਦਲ 'ਚ ਬਗਾਵਤ, ਸ਼੍ਰੋਮਣੀ ਕਮੇਟੀ ਕਸੂਤੀ ਘਿਰੀ
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੋਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਵੱਲੋਂ ਲਿਆ ਗਿਆ ਫੈਸਲਾ..

Shiromani Akali Dal: ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੂੰ ਹਟਾਉਣ ਮਗਰੋਂ ਸਿੱਖ ਜਗਤ ਅੰਦਰ ਗੁੱਸੇ ਦੀ ਲਹਿਰ ਦੌੜ ਗਈ ਹੈ। ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਅਕਾਲੀ ਦੇ ਬਾਦਲ ਪੱਖੀ ਧੜੇ ਖਿਲਾਫ ਭੜਾਸ ਕੱਢੀ ਜਾ ਰਹੀ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੇ ਅਸਤੀਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਸ ਨਾਲ ਬਾਦਲ ਧੜੇ ਦੀ ਹਾਲਤ ਕਸੂਤੀ ਬਣ ਗਈ ਹੈ।
ਦਲ ਖਾਲਸਾ ਦਾ ਤਿੱਖਾ ਵਾਰ
ਜਥੇਦਰਾਂ ਨੂੰ ਹਟਾਉਣ ਦੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਦਲ ਖਾਲਸਾ ਨੇ ਨੋਟਿਸ ਲੈਂਦਿਆਂ ਬਾਦਲ ਧੜੇ ਦੇ ਲੀਡਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ ਕਰਾਰ ਦਿੱਤਾ ਹੈ। ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਤੇ ਸਿਆਸੀ ਸਕੱਤਰ ਕੰਵਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸੱਤ ਮਾਰਚ ਦੇ ਫ਼ੈਸਲੇ ਨੂੰ ਸਿੱਖ ਇਤਿਹਾਸ ਵਿੱਚ ਕਾਲਾ ਚੈਪਟਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਤੇ ਉਨ੍ਹਾਂ ਨੂੰ ਸੇਵਾਮੁਕਤ ਕਰਨ ਦਾ ਕੋਈ ਵਿਧੀ-ਵਿਧਾਨ ਤੇ ਪ੍ਰਬੰਧ ਹੋਂਦ ਵਿੱਚ ਨਹੀਂ ਆਉਂਦਾ ਉਦੋਂ ਤੱਕ ਸਿੱਖ ਪੰਥ ਨੂੰ ਸ਼ਰਮਸਾਰ ਕਰਨ ਵਾਲੀਆਂ ਅਜਿਹੀਆਂ ਅਣਸੁਖਾਵੀਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿਣਗੀਆਂ।
ਮੰਡ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਜਥੇਦਾਰ ਨੂੰ ਬੇਇੱਜ਼ਤ ਕਰ ਕੇ ਹਟਾਇਆ ਗਿਆ ਹੈ। 1988 ਵਿੱਚ ਭਾਈ ਜਸਬੀਰ ਸਿੰਘ ਰੋਡੇ, 1998 ਵਿੱਚ ਭਾਈ ਰਣਜੀਤ ਸਿੰਘ ਤੇ 2008 ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਤੇ ਪਿਛਲੇ ਮਹੀਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰਾਂ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਸਾਰਿਆਂ ਨੇ ਅਕਾਲੀ ਦਲ ਬਾਦਲ ਦੀ ਰਾਜਨੀਤਕ ਲੀਡਰਸ਼ਿਪ ਦੇ ਹੁਕਮਾਂ ’ਤੇ ਚੱਲਣ ਤੋਂ ਇਨਕਾਰ ਕਰ ਦਿੱਤਾ ਸੀ।
ਸਤਿਕਾਰ ਕਮੇਟੀ ਨੇ ਸੁਖਬੀਰ ਬਾਦਲ ਤੇ ਵਲਟੋਹਾ ਦੇ ਪੁਤਲੇ ਸਾੜੇ
ਉਧਰ, ਸਿੱਖ ਜਥੇਬੰਦੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਤਖ਼ਤਾਂ ਦੇ ਜਥੇਦਾਰਾਂ ਨੂੰ ਜਬਰੀ ਸੇਵਾਵਾਂ ਤੋਂ ਹਟਾਏ ਜਾਣ ਤੇ ਫ਼ੈਸਲੇ ਖ਼ਿਲਾਫ਼ ਅੰਮ੍ਰਿਤਸਰ ਹਾਲ ਗੇਟ ’ਤੇ ਰੋਸ ਦਿਖਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸੁਖਬੀਰ ਬਾਦਲ ਤੇ ਵਿਰਸਾ ਵਲਟੋਹਾ ਦੇ ਪੁਤਲੇ ਸਾੜੇ ਹਨ। ਜਥੇਬੰਦੀ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਜਿਨ੍ਹਾਂ ਜਥੇਦਾਰਾਂ ਨੂੰ ਹਟਾਇਆ ਗਿਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਤੇ ਸਰਪ੍ਰਸਤੀ ਹੇਠ ਚੱਲਣ ਵਾਲੀ ਸ਼੍ਰੋਮਣੀ ਕਮੇਟੀ ਵੱਲੋਂ ਹੀ ਥਾਪੇ ਹੋਏ ਸਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੇ ਸਿੱਖ ਕੌਮ ਦੇ ਹੱਕ ਵਿੱਚ ਫ਼ੈਸਲੇ ਲਏ ਹਨ ਤਾਂ ਇਹ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਹੋਇਆ ਤੇ ਉਨ੍ਹਾਂ ਨੂੰ ਜਬਰੀ ਸੇਵਾ ਤੋਂ ਹਟਾ ਦਿੱਤਾ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਜਿਨ੍ਹਾਂ ਜਥੇਦਾਰਾਂ ਨੇ ਕੌਮ ਦੇ ਹਿੱਤ ਵਿੱਚ ਫ਼ੈਸਲੇ ਲੈਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਅਣਦੇਖੀ ਕੀਤੀ, ਉਨ੍ਹਾਂ ਖ਼ਿਲਾਫ਼ ਇਸੇ ਢੰਗ ਤਰੀਕੇ ਨਾਲ ਹੀ ਫ਼ੈਸਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਜ ਜਥੇਦਾਰਾਂ ਦਾ ਲਗਾਤਾਰ ਹੋ ਰਿਹਾ ਅਪਮਾਨ ਤੇ ਸਿੱਖ ਸਿਧਾਂਤਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਤੇ ਬਾਦਲ ਧੜੇ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਪੁਤਲੇ ਸਾੜੇ ਗਏ ਤੇ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਵਿਰੋਧ
ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ਼੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਬਰਤਰਫ਼ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਨੂੰ ਬਿਨਾਂ ਕਿਸੇ ਦੋਸ਼ ਕੇਵਲ ਆਪਣੀ ਹੱਠ-ਧਰਮੀ ਨੂੰ ਪੂਰਾ ਕਰਨ ਲਈ ਬਰਖ਼ਾਸਤ ਕੀਤਾ ਹੈ। ਕੇਵਲ ਬਾਦਲ ਪਰਿਵਾਰ ਨੂੰ ਖੁਸ਼ ਕਰਨ ਲਈ ਕੁਝ ਵਿਅਕਤੀਆਂ ਵੱਲੋਂ ਸਿੱਖੀ ਰਵਾਇਤਾਂ ਤੇ ਸਿੱਖ ਸੰਸਥਾਵਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਨਿੰਦਣਯੋਗ ਵਰਤਾਰਾ ਹੈ। ਸੰਤ ਸਮਾਜ ਦੇ ਆਗੂਆਂ ਨੇ ਕਿਹਾ ਕੇ ਬਾਦਲ ਦਲ ਵੱਲੋਂ ਕੀਤਾ ਇਹ ਕੁ-ਕਰਮ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਹੋਏ ਫੌਜੀ ਹਮਲੇ ਤੋਂ ਬਾਅਦ ਤਖ਼ਤ ਸਾਹਿਬ ਦੇ ਸਿਧਾਂਤ ਤੇ ਵੱਡਾ ਹਮਲਾ ਹੈ।
ਦਿੱਲੀ ਦੇ ਸਿੱਖਾਂ ਵੱਲ਼ੋਂ ਵੀ ਸਖਤ ਵਿਰੋਧ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਬਚਾਉਣ ਲਈ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਇਤਿਹਾਸਕ ਫੈਸਲਾ ਸੁਣਾਉਣ ਵਾਲੇ ਸਿੰਘ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਆਕਾਵਾਂ ਦੇ ਕਹਿਣ ’ਤੇ ਇਕ-ਇਕ ਕਰ ਕੇ ਅਹੁਦੇ ਤੋਂ ਹਟਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਫਾਰਗ ਕੀਤਾ ਗਿਆ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਫਾਰਗ ਕਰਨ ਦਾ ਮੰਦਭਾਗਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਸਿਆਸੀ ਫੈਸਲੇ ਹਨ। ਸਿੱਖ ਪੰਥ ਦੀ ਪਿੱਠ ਵਿਚ ਛੁਰਾ ਮਾਰਨ ਦੀ ਸਜ਼ਾ ਸ਼੍ਰੋਮਣੀ ਕਮੇਟੀ ਦੀਆਂ ਆਉਂਦੀਆਂ ਚੋਣਾਂ ਵਿੱਚ ਬਾਦਲਕਿਆਂ ਨੂੰ ਸੰਗਤ ਦੇਵੇਗੀ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਥ, ਨਿਹੰਗ ਜਥੇਬੰਦੀਆਂ ਨੂੰ ਇਕ ਮੰਚ ਤੇ ਆ ਕੇ ਪੰਥ ਦੋਖੀਆਂ ਦੇ ਖਿਲਾਫ ਮੋਰਚਾ ਖੋਲ੍ਹਣ ਦੀ ਲੋੜ ਹੈ।
ਜਥੇਦਾਰਾਂ ਨੂੰ ਅਚਾਨਕ ਬਰਖ਼ਾਸਤ ਕਰਨਾ ਮੰਦਭਾਗਾ: ਸਾਹਨੀ
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਤਿੰਨੋਂ ਜਥੇਦਾਰਾਂ ਨੂੰ ਅਚਾਨਕ ਬਰਖ਼ਾਸਤ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਾਰਵਾਈ ਨੂੰ ਜਾਇਜ਼ ਠਹਿਰਾਉਣ ਬਾਰੇ ਦੱਸਿਆ ਜਾਣਾ ਚਾਹੀਦਾ ਹੈ ਕਿਉਂਕਿ ਸਿੱਖ ਸੰਗਤ, ਭਾਰਤ ਤੇ ਵਿਸ਼ਵ ਪੱਧਰ ’ਤੇ ਸਹੀ ਢੰਗ ਨਾਲ ਜਵਾਬ ਮੰਗ ਰਹੀ ਹੈ। ਰਾਜ ਸਭਾ ਮੈਂਬਰ ਨੇ ਕਿਹਾ ਕਿ ਅਕਾਲ ਤਖ਼ਤ ਨੂੰ ਸਿੱਖ ਧਰਮ ਵਿੱਚ ਇਸ ਅਹੁਦੇ ਦਾ ਸਰਵਉੱਚ ਅਧਿਕਾਰ ਦਿੰਦੇ ਹੋਏ ਜਥੇਦਾਰਾਂ ਦੀ ਚੋਣ ਤੇ ਬਰਖਾਸਤਗੀ ਲਈ ਇੱਕ ਪਾਰਦਰਸ਼ੀ ਤੇ ਸਖ਼ਤ ਪ੍ਰਕਿਰਿਆ ਸਥਾਪਤ ਕਰਕੇ ਅਗਵਾਈ ਕਰਨੀ ਚਾਹੀਦੀ ਹੈ। ਸਾਹਨੀ ਨੇ ‘ਐਕਸ’ ਉਪਰ ਲਿਖਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ।
ਅਕਾਲੀ ਦਲ ਪਤਨ ਵੱਲ ਵਧ ਰਿਹਾ-ਗਿਆਨੀ ਹਰਪ੍ਰੀਤ ਸਿੰਘ
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 7 ਮਾਰਚ ਸਿੱਖ ਕੌਮ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਤੇ ਦੋ ਹੋਰ ਜਥੇਦਾਰਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਕਰਕੇ ਅਕਾਲੀ ਦਲ ਪਤਨ ਵੱਲ ਵਧ ਰਿਹਾ ਹੈ। ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਨਿੱਜੀ ਤੇ ਸੱਤਾ ਦੀਆਂ ਲਾਲਸਾਵਾਂ ਕਾਰਨ ਹੋ ਰਿਹਾ ਹੈ। ਸੱਤਾ ਲਈ ਜਥੇਦਾਰਾਂ ਦੀਆਂ ਕੁਰਬਾਨੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਦਾਰਾਂ ਦੀ ਨਿਯੁਕਤੀ ਪੂਰੀ ਪ੍ਰਕਿਰਿਆ ਅਨੁਸਾਰ ਹੋਣੀ ਚਾਹੀਦੀ ਹੈ। ਜੇ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮ ਨੂੰ ਲਾਗੂ ਕੀਤਾ ਜਾਂਦਾ ਤਾਂ ਅੱਜ ਅਕਾਲੀ ਦਲ ਦੀ ਸਥਿਤੀ ਵੱਖਰੀ ਹੁੰਦੀ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਤੋਂ ਸਰਟੀਫਿਕੇਟ ਲੈਣਾ ਚਾਹੀਦਾ ਸੀ ਤਾਂ ਜੋ ਬਾਅਦ ਵਿੱਚ ਕੋਈ ਸਵਾਲ ਨਾ ਉੱਠੇ।
ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਮਧੋਲ ਕੇ ਰੱਖ ਦਿੱਤਾ-ਪ੍ਰਕਾਸ਼ ਚੰਦ ਗਰਗ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਉਣ ਦੀ ਨਿਖੇਧੀ ਕੀਤੀ ਹੈ। ਅਕਾਲੀ ਆਗੂ ਗਰਗ ਨੇ ਦੋਸ਼ ਲਾਇਆ ਕਿ ਅੰਤ੍ਰਿੰਗ ਕਮੇਟੀ ਨੇ ਬਾਦਲ ਪਰਿਵਾਰ ਦੇ ਇਸ਼ਾਰਿਆਂ ’ਤੇ ਆਪਹੁਦਰੀ ਕਾਰਵਾਈ ਕਰਦਿਆਂ ਬੇਬੁਨਿਆਦ ਇਲਜਾਮ ਤਰਾਸ਼ੀ ਕਰਕੇ ਜਿਸ ਤਰ੍ਹਾਂ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਇਆ ਗਿਆ, ਉਸ ਨੇ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਮਧੋਲ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਕਮੇਟੀ ਦੇ ਇਸ ਫੈਸਲੇ ਨਾਲ ਸਿੱਖਾਂ ਦੀ ਸਰਬਉੱਚ ਸੰਸਥਾ ਦੀ ਮਾਣ ਮਰਿਆਦਾ ਨੂੰ ਠੇਸ ਪੁੱਜੀ ਹੈ, ਜਿਸ ਨੂੰ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ।
ਇਹ ਫੈਸਲੇ ਪੰਥ ਦੇ ਹਿੱਤਾਂ ਲਈ ਵੀ ਠੀਕ ਨਹੀਂ-ਚੀਫ਼ ਖ਼ਾਲਸਾ ਦੀਵਾਨ
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ’ਤੇ ਦੁੱਖ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਅਕਾਲ ਤਖ਼ਤ ਸਿੱਖ ਪੰਥ ਦਾ ਸਰਵਉੱਚ ਤਖ਼ਤ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪੰਥ ਦੇ ਧਾਰਮਿਕ ਉੱਚ ਅਹੁਦਿਆਂ ’ਤੇ ਬਿਰਾਜਮਾਨ ਜਥੇਦਾਰਾਂ ਨੂੰ ਬਿਨਾਂ ਪੰਥਕ ਸਮਰਥਨ ਦੇ ਅਚਾਨਕ ਬਰਖਾਸਤ ਕਰ ਦੇਣਾ ਨਾ ਸਿਰਫ ਜਥੇਦਾਰਾਂ ਦੇ ਸਨਮਾਨਿਤ ਅਹੁਦਿਆਂ ਦੀ ਸ਼ਾਨ ਨੂੰ ਢਾਹ ਲਗਾ ਰਿਹਾ ਹੈ ਸਗੋਂ ਇਹ ਫੈਸਲੇ ਪੰਥ ਦੇ ਹਿੱਤਾਂ ਲਈ ਵੀ ਠੀਕ ਨਹੀਂ ਹਨ। ਦੀਵਾਨ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਤਖਤਾਂ ਦੇ ਜਥੇਦਾਰਾਂ ਸਬੰਧੀ ਫੈਸਲੇ ਪੰਥਕ ਸਰਬਸੰਮਤੀ ਤੇ ਸਮੁੱਚੇ ਖਾਲਸਾ ਪੰਥ ਦੀ ਅਗਵਾਈ ਹੇਠ ਹੋਣੇ ਚਾਹੀਦੇ ਹਨ।
ਸੂਬਾਈ ਜਨਰਲ ਸਕੱਤਰ ਵੱਲੋਂ ਅਸਤੀਫਾ
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਵਰਕਰ ਵਜੋਂ ਹੀ ਵਿਚਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਹੋਏ ਹੁਕਮਨਾਮੇ ਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਪ੍ਰਤੀ ਅਪਣਾਈ ਸੌੜੀ ਸੋਚ ਕਾਰਨ ਅੱਜ ਸਮੁੱਚੀ ਸਿੱਖ ਕੌਮ ਵਿੱਚ ਰੋਸ ਹੈ। ਇਸ ਕਾਰਨ ਉਨ੍ਹਾਂ ਅਕਾਲੀ ਦਲ ਵੱਲੋਂ ਦਿੱਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਨਹੀਂ ਤਾਂ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਨੂੰ ਪੰਥ ਕਦੇ ਮੁਆਫ਼ ਨਹੀਂ ਕਰੇਗਾ।
‘ਬਦਲਾਖੋਰੀ’ ਦੀ ਕਾਰਵਾਈ ਜਾਪਦੀ-ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ‘ਬਦਲਾਖੋਰੀ’ ਦੀ ਕਾਰਵਾਈ ਜਾਪਦੀ ਹੈ। ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਆਈ ਹੈ। ਮਾਨ ਨੇ ਕਿਹਾ, ‘‘ਦੇਖੋ, ਇਹ ਇੱਕ ਧਾਰਮਿਕ ਮਾਮਲਾ ਹੈ। ਜੋ ਹੋਣਾ ਚਾਹੀਦਾ ਸੀ ਉਹ ਇਹ ਸੀ ਕਿ ਰਾਜਨੀਤੀ ਧਰਮ ਤੋਂ ਸਿੱਖੇ ਪਰ ਜੋ ਹੋ ਰਿਹਾ ਹੈ ਉਹ ਇਹ ਹੈ ਕਿ ਰਾਜਨੀਤੀ ਧਰਮ ਨੂੰ ਸਿਖਾ ਰਹੀ ਹੈ।’’
ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਤੇ ਕੋ-ਕਨਵੀਨਰ ਜਸਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਵਰਤਾਰੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮੁੜ ਤਖ਼ਤਾਂ ਨਾਲ ਸਿੱਧੀ ਟੱਕਰ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਜੇ ਸਿੱਖ ਸੰਸਥਾ ਦੀ ਪ੍ਰਧਾਨਗੀ ਤੇ ਭਰਤੀ ਕਮੇਟੀ ਦੇ ਅਹੁਦੇਦਾਰ ਰਹਿ ਕੇ ਪੰਥਕ ਜ਼ਿੰਮੇਵਾਰੀ ਨਿਭਾਉਂਦੇ ਤਾਂ ਅੱਜ ਇਹ ਸਥਿਤੀ ਨਾ ਬਣਦੀ।
ਜਥੇਬੰਦੀ ਨਾਲ ਜੁੜੇ ਹੋਰ ਆਗੂ ਪਰਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਅਮਰਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਹਰਪ੍ਰੀਤ ਸਿੰਘ ਅਕਾਲ ਪੁਰਖ ਕੀ ਫ਼ੌਜ, ਡਾ. ਖੁਸ਼ਹਾਲ ਸਿੰਘ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਹੋਰਨਾਂ ਵੱਲੋਂ ਵੀ ਇਸ ਵਰਤਾਰੇ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ ਹੈ। ਸਿੱਖ ਜਥੇਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਨੇ ਇਸ ਕਾਰਵਾਈ ਨੂੰ ਬਾਦਲ ਦਲ ਵੱਲੋਂ ਅਕਾਲ ਤਖ਼ਤ ਦੀ ਸਰਵਉੱਚਤਾ ’ਤੇ ਹਮਲਾ ਕਰਾਰ ਦਿੱਤਾ ਹੈ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਮਨਜੀਤ ਸਿੰਘ ਭੋਮਾ ਤੇ ਟਕਸਾਲੀ ਆਗੂ ਭਾਈ ਮੋਹਕਮ ਸਿੰਘ ਨੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ, ਸਿੱਖ ਕੌਮ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਹੈ।
ਜਥੇਦਾਰਾਂ ਨੂੰ ਹਟਾਉਣ ਦਾ ਫ਼ੈਸਲਾ ਮੰਦਭਾਗਾ: ਇਯਾਲੀ
ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਯਾਲੀ ਨੇ ਕਿਹਾ ਹੈ ਕਿ ਇਹ ਕਾਰਵਾਈ ਅਕਾਲ ਤਖ਼ਤ ਤੋਂ ਦੋ ਦਸੰਬਰ ਨੂੰ ਜਾਰੀ ਕੀਤੇ ਹੁਕਮਾਂ ਨਾਲ ਬਹਾਲ ਹੋਈ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਲਈ ਕੀਤੀ ਗਈ ਹੈ। ਇਯਾਲੀ ਨੇ ਦੋਸ਼ ਲਗਾਇਆ ਕਿ ਇਹ ਸਭ ਕੁੱਝ ਪੰਜ ਮੈਂਬਰੀ ਕਮੇਟੀ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਰੋਕਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਉੱਪਰ ਇੱਕ ਹੀ ਪਰਿਵਾਰ ਦਾ ਕਬਜ਼ਾ ਹੋਣ ਕਾਰਨ ਮਰਿਆਦਾ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਕੌਮ ਨੂੰ ਬਾਦਲਾਂ ਵਿਰੁੱਧ ਲਾਮਬੰਦ ਹੋਣ ਦੀ ਲੋੜ: ਰਵੀਇੰਦਰ ਸਿੰਘ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ (1920) ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਭਲੇ ਲਈ ਸਮੁੱਚੀ ਸਿੱਖ ਕੌਮ ਨੂੰ ਬਾਦਲਾਂ ਵਿਰੁੱਧ ਇੱਕ ਮੰਚ ’ਤੇ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬਾਦਲ ਪਰਿਵਾਰ ਦੇ ਪ੍ਰਭਾਵ ਹੇਠ ਜਿਵੇਂ ਪਹਿਲਾਂ ਸਿੱਖ ਕੌਮ ਦੇ ਕਥਿਤ ਦੋਸ਼ੀ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕੀਤਾ ਸੀ, ਉਸੇ ਤਰ੍ਹਾਂ ਹੁਣ ਤਖ਼ਤਾਂ ਦੇ ਜਥੇਦਾਰਾਂ ਨੂੰ ਅਹੁਦੇ ਤੋਂ ਲਾਂਭੇ ਕਰ ਕੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (1920) ਇਸ ਫ਼ੈਸਲੇ ਦੀ ਨਿਖੇਧੀ ਕਰਦਾ ਹੈ।
ਜਥੇਦਾਰ ਨੂੰ ਹਟਾਉਣ ਦਾ ਫ਼ੈਸਲਾ ਸਿੱਖ ਸਿਧਾਂਤਾਂ ’ਤੇ ਹਮਲਾ: ਢੀਂਡਸਾ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਹਰ ਸਿੱਖ ਲਈ ਮੰਦਭਾਗਾ ਤੇ ਸਿੱਖ ਸਿਧਾਂਤਾਂ ਉੱਪਰ ਸਿੱਧਾ ਹਮਲਾ ਹੈ। ਢੀਂਡਸਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜ਼ਮਾਨੀ ਕਰਨ ਵਾਲੇ ਸਿੰਘ ਸਾਹਿਬਾਨ ਨੂੰ ਤਖ਼ਤਾਂ ਤੋਂ ਸੇਵਾਮੁਕਤ ਕਰਵਾ ਕੇ ਵੱਡਾ ਪਾਪ ਕੀਤਾ ਹੈ। ਬਾਦਲ ਪਰਿਵਾਰ ਨੇ ਸ਼੍ਰੋਮਣੀ ਕਮੇਟੀ ਦੇ ਜ਼ਰੀਏ ਸਿੰਘ ਸਾਹਿਬਾਨ ਉੱਪਰ ਭਾਰੂ ਹੋਣ ਦੀ ਜੋ ਗ਼ਲਤੀ ਕੀਤੀ ਹੈ, ਇਸ ਲਈ ਸਿੱਖ ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਉਸ ਦੇ ਚਹੇਤਿਆਂ ਨੇ ਅਕਾਲ ਤਖ਼ਤ ਤੋਂ ਲੱਗੀ ਸੇਵਾ ਕਰਨ ਦਾ ਦਿਖਾਵਾ ਕੀਤਾ ਸੀ। ਸਿੱਖ ਪੰਥ ਸਮਾਂ ਆਉਣ ਉੱਤੇ ਸੁਖਬੀਰ ਤੇ ਉਸ ਦੇ ਹਮਾਇਤੀਆਂ ਨੂੰ ਠੋਕਵਾਂ ਜਵਾਬ ਦੇਣ ਲਈ ਤਿਆਰ ਬੈਠਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੋਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕੇ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿੱਚ ਨਾ ਕਾਮਯਾਬ ਰਿਹਾ ਹੈ ਤੇ ਆਪਣੇ ਰਾਜਸੀ ਹਿੱਤਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਵਰਤੋਂ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿਆਸੀ ਲੋਕਾਂ ਨੂੰ ਖੁਸ਼ ਕਰਨ ਦੀ ਥਾਂ ਪੰਥ ਦੀ ਗੱਲ ਕੀਤੀ ਤੇ ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਗੋਗੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਰੋਸ ਵਜੋਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਬਣਾਈ ਗਈ ਕਮੇਟੀ ਹੇਠ ਉਹ ਨਵੇਂ ਮੈਂਬਰਾਂ ਦੀ ਭਰਤੀ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦਾ ਪਾਬੰਦ ਹੈ ਤੇ ਉਹ ਕਦੀ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੇ ਵਿਰੁੱਧ ਨਹੀਂ ਜਾ ਸਕਦੇ।






















