Punjab News:  ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਬਾਗੀ ਧੜੇ ਦੇ ਨੇਤਾਵਾਂ ਵੱਲੋਂ ਇੱਕ ਦੂਜੇ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਪਾਰਟੀ ਦੇ ਲੀਡਰਾਂ ਤੇ ਬੁਲਾਰਿਆਂ ਨੂੰ ਹਿਦਾਇਤਾਂ ਜਾਰੀਆਂ ਕੀਤੀਆਂ ਹਨ।


ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਜਾਰੀ ਹਦਾਇਤਾਂ ਦਾ ਸਵਾਗਤ ਕੀਤਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸਾਰੇ ਆਗੂਆਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅਕਾਲੀ ਦਲ ਨੇ ਆਪਣੇ ਸਾਰੇ ਬੁਲਾਰਿਆਂ ਨੂੰ ਮੀਡੀਆ ਵਿੱਚ ਇਸ ਮੁੱਦੇ 'ਤੇ ਕਿਸੇ ਵੀ ਤਰ੍ਹਾਂ ਦੀ ਬਹਿਸ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ।






ਦਰਅਸਲ, ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇੱਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ।
ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਤਦ ਤੱਕ ਇਸ ’ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ। 


ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ। ਜੇਕਰ ਸਿੱਖ ਸਿਆਸੀ ਆਗੂ  ਬਾਜ਼ ਨਾ ਆਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਦੀ ਉਲੰਘਣਾ ਕਰਨ ਵਾਲੇ ਆਗੂਆਂ ਦੇ ਖਿਲਾਫ਼ ਪੰਥਕ ਰਹੁ-ਰੀਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ