Shiromani Akali Dal: ਸ਼੍ਰੋਮਣੀ ਅਕਾਲੀ ਦਲ ਅੰਦਰ ਕਲੇਸ਼ ਵਧਣ ਦੇ ਆਸਾਰ ਬਣ ਗਏ ਗਏ ਹਨ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਨੂੰ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਬੁੱਧਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਉਂਝ   ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਜ਼ਰੂਰ ਕਿਹਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਹੁਣ ਇਸ ਬਿਆਨ ਦੇ ਵੱਖ-ਵੱਖ ਅਰਥ ਕੱਢੇ ਜਾ ਰਹੇ ਹਨ। 

ਦਰਅਸਲ ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦਿੱਤਾ ਜਾਵੇ। ਧਾਮੀ ਨੇ ਅਗਲੇਰੀ ਕਾਰਵਾਈ ਲਈ ਇਹ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਭੇਜ ਦਿੱਤਾ ਸੀ ਪਰ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ। 

ਇਸ ਸਬੰਧੀ ਪਾਸ ਕੀਤੇ ਮਤੇ ਵਿੱਚ ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਵੱਖ-ਵੱਖ ਸਿੱਖ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਾਮਲਾ ਵਿਚਾਰਿਆ, ਜਿਨ੍ਹਾਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਕੁਝ ਧਿਰਾਂ ਸਿਆਸੀ ਲਾਭ ਦੀ ਪ੍ਰਾਪਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਦਾ ਦਾਅਵਾ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ, 2024 ਨੂੰ ਜਾਰੀ ਕੀਤੇ ਗਏ ਆਦੇਸ਼ ਦੇ ਸਬੰਧ ਵਿੱਚ ਆਪਣੇ ਆਦੇਸ਼ ਵਿੱਚ ਕਿਹਾ ਕਿ ਸਾਰੀਆਂ ਅਕਾਲੀ ਧਿਰਾਂ ਨੂੰ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁਟ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। 

ਸਿੰਘ ਸਾਹਿਬਾਨ ਨੇ ਕਿਹਾ ਕਿ ਜੇ 2 ਦਸੰਬਰ ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਅਕਾਲ ਤਖ਼ਤ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ। 

ਉਨ੍ਹਾਂ ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ, ਸਿਧਾਂਤ ਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਤੇ ਪੰਥਕ ਧਿਰਾਂ ਨੂੰ ਲਾਮਬੰਦੀ ਕਰਕੇ ਇੱਕਜੁਟ ਹੋ ਕੇ ਚੱਲਣ ਲਈ ਆਖਿਆ। 

ਇਸ ਦੌਰਾਨ ਭਰਤੀ ਕਮੇਟੀ ਦੇ ਬੁਲਾਰੇ ਨੇ ਬੁੱਧਵਾਰ ਨੂੰ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਜਾਰੀ ਹੋਏ ਆਦੇਸ਼ ਬਾਰੇ ਕਿਹਾ ਕਿ ਸੁਖਬੀਰ ਬਾਦਲ ਨੇ ਦੋ ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਚੁੱਲ੍ਹਾ ਨਹੀਂ ਸਮੇਟਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਦਲ ਧੜੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਸਿਰਫ ਉਨ੍ਹਾਂ ਕੋਲ ਹੈ, ਇਸ ਬਾਰੇ ਆਦੇਸ਼ ਨੇ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਕਮਨਾਮੇ ਨੂੰ ਇੰਨ ਬਿੰਨ ਮੰਨਣ ਦੀ ਬਜਾਏ ਆਪਣਾ ਚੁੱਲ੍ਹਾ ਬਾਲ ਕੇ ਰੱਖਣ ਵਾਲੇ ਧੜੇ ਨੂੰ ਇਹ ਸਖ਼ਤ ਤਾੜਨਾ ਕੀਤੀ ਗਈ ਹੈ।