ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਏਕਤਾ ਲਈ ਇੱਕ ਫਾਰਮੂਲਾ ਪੇਸ਼ ਕਰਦਿਆਂ ਕਿਹਾ ਕਿ ਅਕਾਲੀ ਸੋਚ ਨੂੰ ਪਰਨਾਏ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਜਾਵੇ, ਜੋ ਸਾਰੀਆਂ ਪੰਥਕ ਧਿਰਾਂ ਨੂੰ ਪ੍ਰਵਾਨ ਹੋਵੇ। ਉਨ੍ਹਾਂ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਲਈ ਯਤਨ ਕਰਨੇ ਚਾਹੀਦੇ ਹਨ। 


ਢੀਂਡਸਾ ਨੇ ਕਿਹਾ ਕਿ ਅਕਾਲੀ ਵਿਚਾਰਧਾਰਾ ਹੀ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪੈਰਵੀ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਖੁੰਡੀ ਕਰਨ ਦੇ ਅੰਦਰੋਂ-ਬਾਹਰੋਂ ਯਤਨ ਹੋਏ। ਪੰਥਕ ਏਜੰਡਿਆਂ ਤੇ ਅਕਾਲੀ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੇ ਆਗੂਆਂ ਨੂੰ ਲਾਂਭੇ ਕਰ ਕੇ ਅਕਾਲੀ ਦਲ ’ਤੇ ਕਾਬਜ਼ ਲੋਕਾਂ ਨੇ ਪਾਰਟੀ ਨੂੰ ਕਮਜ਼ੋਰ ਕਰ ਦਿੱਤਾ ਹੈ, ਜਿਸ ਦਾ ਖਮਿਆਜ਼ਾ ਪੰਥ ਤੇ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਸੋਚ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਵੇਲਾ ਹੈ। 


ਢੀਂਡਸਾ ਨੇ ‘ਆਪ’ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਤਿੰਨ ਮਹੀਨਿਆਂ ਵਿੱਚ ਹੀ ਫੇਲ੍ਹ ਸਾਬਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਅੰਦਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਪੰਥਕ ਏਜੰਡਿਆਂ ਤੇ ਅਕਾਲੀ ਸਿਧਾਂਤਾਂ ’ਤੇ ਪਹਿਰਾ ਦੇਣ ਸਬੰਧੀ ਲਏ ਫ਼ੈਸਲਿਆਂ ਨੂੰ ਸਹੀ ਸਾਬਤ ਕੀਤਾ ਹੈ।


ਮਨਪ੍ਰੀਤ ਇਯਾਲੀ ਦੇ ਬਾਗੀ ਸੁਰਾਂ ਮਗਰੋਂ ਅਕਾਲੀ ਦਲ ਅੰਦਰ ਧਮਾਕਾ



ਉਧਰ, ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਦੇ ਬਾਗੀ ਸੁਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡਾ ਧਮਾਕਾ ਕੀਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਫੌਰੀ ਚੌਕਸ ਹੋ ਗਈ ਹੈ। ਅਗਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਦਰ ਹੋਰ ਹਿੱਲਜੁੱਲ ਦੇ ਆਸਾਰ ਹਨ। ਚਰਚਾ ਹੈ ਕਿ ਕੁਝ ਹੋਰ ਲੀਡਰ ਵੀ ਖੁੱਲ੍ਹ ਕੇ ਸਾਹਮਣੇ ਆ ਸਕਦੇ ਹਨ ਜਿਸ ਨਾਲ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਰਾਸ਼ਟਰਪਤੀ ਚੋਣਾਂ ਲਈ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੀ ਹਮਾਇਤ ਦਾ ਫੈਸਲਾ ਕੀਤਾ ਸੀ। ਵਿਧਾਇਕ ਇਯਾਲੀ ਨੇ ਕੋਰ ਕਮੇਟੀ ਦੇ ਫੈਸਲੇ ਨੂੰ ਮੰਨਣ ਦੀ ਥਾਂ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਨੂੰ ਤਰਜੀਹ ਦਿੱਤੀ।