ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ।


ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਨ੍ਹਾਂ ਨੇ ਕਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਕਾਲਤ ਕੀਤੀ,  ਉਹ ਯੂ ਟਿਊਬ ’ਤੇ ਜੈਨੀ ਜੋਹਲ ਦੇ ਗੀਤ ’ਤੇ ਸਿਰਫ ਇਸ ਕਰ ਕੇ ਪਾਬੰਦੀ ਲਗਵਾ ਰਹੇ ਹਨ ਕਿਉਂਕਿ ਗਾਇਕ ਨੇ ਮੁੱਖ ਮੰਤਰੀ ਤੋਂ ਕੁਝ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ’ਤੇ ਪਾਬੰਦੀ ਲਗਾਉਣ ਦਾ ਵਿਰੋਧ ਕਰ‌ਦਿਆਂ ਆਵਾਜ਼  ਬੁਲੰਦ ਕੀਤੀ ਸੀ ਤੇ ਅੱਜ ਆਪ ਪਾਬੰਦੀਆਂ ਲਗਵਾ ਰਹੇ ਹਨ।


ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਸਵਾਲਾਂ ਵਿਚ ਗ਼ਲਤ ਕੀ ਹੈ ? ਉਨ੍ਹਾਂ ਕਿਹਾ ਕਿ  ਅਸਲੀਅਤ ਇਹ ਹੈ ਕਿ ਇਹ ਤੁਹਾਡੀ ਸਰਕਾਰ ਹੈ ਜਿਸ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ। ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਤੁਸੀਂ ਇਸਦਾ ਪ੍ਰਚਾਰ ਕੀਤਾ ਸੀ  ਜਿਸ ਕਾਰਨ ਬੇਰਹਿਮੀ ਨਾਲ ਕਤਲ ਹੋਇਆ।  ਉਹਨਾਂ ਕਿਹਾ ਕਿ ਹਾਲੇ ਤੱਕ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਹਾਲਾਤ ਹੋਰ ਮਾੜੇ ਹੋ ਗਏ  ਹਨ ਤੇ ਦਿੱਲੀ ਪੁਲਿਸ ਵੱਲੋਂ ਫੜੇ ਗੈਂਗਸਟਰ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿਚੋਂ ਰਾਤ ਦੇ ਹਨੇਰੇ ਵਿਚ ਭੱਜਣ ਦੀ ਆਗਿਆ ਦਿੱਤੀ ਗਈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।