ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੁੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 15 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਕੇਤਕ ਧਰਨੇ ਦੀ ਅਗਵਾਈ ਕਰਨਗੇ ਅਤੇ ਕੋਰ ਕਮੇਟੀ ਤੇ ਪੀ ਏ ਸੀ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਯੂਥ ਅਹੁਦੇਦਾਰਾਂ ਸਮੇਤ ਸੀਨੀਅਰ ਆਗੂ ਇਸ ਵਿਚ ਸ਼ਾਮਲ ਹੋਣਗੇ।
ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਵੈਕਸੀਨ ਘੁਟਾਲੇ ਅਤੇ ਫਤਿਹ ਕਿੱਟ ਘੁਟਾਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੈਰਾਨੀ ਵਾਲੀ ਗੱਲ ਹੈ ਕਿ ਚੁਣੀ ਹੋਈ ਸਰਕਾਰ ਤੇ ਇਸਦੇ ਮੈਂਬਰ ਮਹਾਮਾਰੀ ਵੇਲੇ ਲੋਕਾਂ ਦੀਆਂ ਤਕਲੀਫਾਂ ਤੋਂ ਮੁਨਾਫੇ ਕਮਾ ਰਹੇ ਹਨ।
ਉਹਨਾਂ ਕਿਹਾ ਕਿ "ਭਾਵੇਂ ਕਾਂਗਰਸ ਸਰਕਾਰ ਨੇ ਵੈਕਸੀਨ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਗਲਤੀ ਮੰਨੀ ਹੈ ਕਿ ਉਸਨੇ ਮੋਟਾ ਮੁਨਾਫਾ ਕਮਾ ਕੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੁੰ ਵੇਚੀ ਹੈ ਅਤੇ ਬਦਲੇ ਵਿਚ ਅੱਗੇ ਹਸਪਤਾਲਾਂ ਨੇ ਮੋਟਾ ਮੁਨਾਫਾ ਕਮਾਇਆ ਹੈ ਪਰ ਇਸ ਕੁਤਾਹੀ ਲਈ ਕਿਸੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।"
ਉਹਨਾਂ ਕਿਹਾ ਕਿ ਬਜਾਏ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਉਹਨਾਂ ਦਾ ਬਚਾਅ ਕਰ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੁਆਂ ਵੱਲੋਂ ਨਿਆਂ ਦੀ ਮੰਗ ਕਰਦਿਆਂ ਦਿੱਤੇ ਸ਼ਾਂਤੀਪੂਰਨ ਤੇ ਲੋਕਤੰਤਰੀ ਧਰਨੇ ਲਈ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੇਸ ਦਰਜ ਕਰ ਕੇ ਵਿਰੋਧੀ ਧਿਰ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਤਰੀਕੇ ਦੀਆਂ ਹਰਕਤਾਂ ਨਾਲ ਦਬਾਇਆ ਨਹੀਂ ਜਾ ਸਕਦਾ ਤੇ ਜੇਕਰ ਘੁਟਾਲੇ ਦੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਤਾਂ ਫਿਰ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ