Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Sukhbir Badal News: ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਅੱਜ ਆਖਰੀ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
Sukhbir Badal News: ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਅੱਜ ਆਖਰੀ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋ ਰਹੀ ਹੈ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਵੱਲੋਂ ਪਾਰਟੀ ਦੀ ਅਗਲੀ ਸਿਆਸੀ ਰਣਨੀਤੀ ਬਾਰੇ ਮੰਥਨ ਕੀਤਾ ਜਾਵੇਗਾ।
ਦੱਸ ਦਈਏ ਕਿ ਸੁਖਬੀਰ ਬਾਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਤਨਖਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਤੇ ਦਿਨ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਮਾਹਿਰ ਤਰ੍ਹਾਂ-ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ। ਕੁਝ ਲੋਕਾਂ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਦੇਰੀ ਨਾਲ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ ਤੇ ਕੁਝ ਇਸ ਨੂੰ ਮਾਸਟਰ ਸਟ੍ਰੌਕ ਦੇ ਰਹੇ ਹਨ। ਹਾਲਾਂਕਿ ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਆਖਰੀ ਫ਼ੈਸਲਾ ਅੱਜ ਹੋ ਰਹੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ।
ਦਰਅਸਲ ਪੰਜਾਬ ਦੀ ਸਿਆਸਤ ’ਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਹੀ ਕੁਝ ਆਗੂਆਂ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ, ਪਰ ਉਸ ਸਮੇਂ ਉਨ੍ਹਾਂ ਵੱਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿੱਚੋਂ ਬਾਹਰ ਹੋਣ ਦੇ ਨਾਲ-ਨਾਲ ਉਹ ਮੁੱਖ ਵਿਰੋਧੀ ਧਿਰ ਵਜੋਂ ਵੀ ਆਪਣੀ ਥਾਂ ਨਹੀਂ ਬਣਾ ਸਕਿਆ ਸੀ।
ਉਸ ਸਮੇਂ ਪਹਿਲੀ ਵਾਰ ਚੋਣ ਲੜਨ ਵਾਲੀ ਆਮ ਆਦਮੀ ਪਾਰਟੀ (ਆਪ) ਮੁੱਖ ਵਿਰੋਧੀ ਧਿਰ ਬਣ ਗਈ ਸੀ। ਇਸ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ’ਚ ਵੀ ਪਾਰਟੀ ਦੇ ਪੱਲੇ ਕੁਝ ਨਹੀਂ ਪਿਆ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤਿੰਨ ਸੀਟਾਂ ’ਤੇ ਸਿਮਟ ਗਿਆ। ਚੋਣਾਂ ਵਿੱਚ ਹੋਈਆਂ ਇਨ੍ਹਾਂ ਹਾਰਾਂ ਕਰਕੇ ਕਈ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।