Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਮਤਾ ਪਾਸ ਕਰਕੇ ਸਰਕਾਰ ਨੂੰ ਪੇਸ਼ਕਸ਼ ਕੀਤੀ ਸੀ ਕਿ ਜੇਕਰ ਉਹ ਗੁਰਦੁਆਰੇ ਦੀ ਜ਼ਮੀਨ ਲੈਣਾ ਚਾਹੁੰਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਲਿਖ਼ਤੀ ਗੱਲਬਾਤ ਕਰ ਸਕਦੀ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। 



ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਡੀਕਲ ਕਾਲਜ ਬਣਾਉਣ ਪ੍ਰਤੀ ਸੰਜੀਦਾ ਹਨ ਤਾਂ ਉਹ ਕਾਨੂੰਨੀ ਪੱਖ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕਰਨ, ਤਾਂ ਜੋ ਇਸ ਮਸਲੇ ਦਾ ਸੁਖਾਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ-1925 ਦੇ ਤਹਿਤ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ਦੇ ਪ੍ਰਬੰਧ ਦੀ ਦੇਖ-ਰੇਖ ਕਰਦੀ ਹੈ ਤੇ ਗੁਰਦੁਆਰਾ ਅੰਗੀਠਾ ਸਾਹਿਬ ਅਕਾਲਸਰ ਮਸਤੂਆਣਾ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਦੇ ਸੈਕਸ਼ਨ 7(3) ਤਹਿਤ 4 ਸਤੰਬਰ 1964 ਨੂੰ ਨੋਟੀਫਾਈਡ ਕੀਤਾ ਹੋਇਆ ਹੈ, ਜਿਸ ਦੇ ਪ੍ਰਬੰਧ ਤੇ ਜਾਇਦਾਦ ਦੀ ਜ਼ਿੰਮੇਵਾਰ ਸ਼੍ਰੋਮਣੀ ਕਮੇਟੀ ਹੈ।


ਦੱਸ ਦਈਏ ਕਿ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਦਲ ਤੇ ਢੀਂਡਸਾ ਪਰਿਵਾਰ ’ਤੇ ਅੜਿੱਕਾ ਡਾਹੁਣ ਦੇ ਇਲਜ਼ਾਮ ਲਾਉਣ ਮਗਰੋਂ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਨੇ ਸੋਮਵਾਰ ਨੂੰ ਮੈਡੀਕਲ ਕਾਲਜ ਬਣਾਉਣ ਦੇ ਹੱਕ ਵਿੱਚ ਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਵਿੱਚ ਮਸਤੂਆਣਾ ਇਲਾਕੇ ਵਿੱਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਸੀ। ਕਿਸਾਨਾਂ ਤੇ ਇਲਾਕੇ ਦੇ ਲੋਕਾਂ ਨੇ ਕੜਾਕੇ ਦੀ ਸਰਦੀ ਵਿੱਚ 400 ਤੋਂ ਵੱਧ ਟਰੈਕਟਰਾਂ ਨਾਲ 10 ਤੋਂ ਵੱਧ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ। 



ਦਰਅਸਲ ਨਵੇਂ ਸਾਲ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਆ ਕੇ ਮੈਡੀਕਲ ਕਾਲਜ ਦੇ ਮੁੱਦੇ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮੈਡੀਕਲ ਕਾਲਜ ਬਣਾਉਣਾ ਚਾਹੁੰਦੇ ਹਨ ਪਰ ਸ਼੍ਰੋਮਣੀ ਕਮੇਟੀ ਜ਼ਮੀਨ ਦੇ ਮੁੱਦੇ ਉੱਪਰ ਮੈਡੀਕਲ ਕਾਲਜ ਦੀ ਉਸਾਰੀ ਵਿੱਚ ਬੇਲੋੜੇ ਅੜਿੱਕੇ ਖੜ੍ਹੀ ਕਰ ਰਹੀ ਹੈ।