SGPC Members Meeting: ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਦੀ ਹੰਗਾਮੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਦੀ ਰਾਇ ਤੇ ਸਰਬਸੰਮਤੀ ਨਾਲ ਇਸ ਫ਼ੈਸਲੇ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ। 


ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੰਡੀਗੜ੍ਹ ਦਫ਼ਤਰ ’ਚ ਆਪਣੇ ਵਿਧਾਇਕਾਂ, ਸਾਬਕਾ ਵਿਧਾਇਕਾਂ, ਜ਼ਿਲ੍ਹਾ ਆਗੂਆਂ ਤੇ ਹੋਰ ਅਕਾਲੀ ਆਗੂਆਂ ਦੀ ਮੀਟਿੰਗ ਅੱਜ ਸੱਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੀ ਵੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਸਰਬਸੰਮਤੀ ਨਾਲ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਸੀ। 


ਉਧਰ, ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਫ਼ੈਸਲੇ ਖ਼ਿਲਾਫ਼ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ। ਇਸ ਸਬੰਧ ਵਿੱਚ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜਿਆ ਹੈ। 


ਹਾਸਲ ਜਾਣਕਾਰੀ ਅਨੁਸਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ-2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਵਿਰੁੱਧ ਭਾਰਤ ਸਰਕਾਰ ਵੱਲੋਂ ਨਜ਼ਰਸਾਨੀ ਪਟੀਸ਼ਨ ਪਾਉਣ ਦੀ ਮੰਗ ਕਰਦਿਆਂ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਸਿਰਫ਼ ਭਾਰਤ ਸਰਕਾਰ ਕੋਲ ਹੈ, ਜਿਸ ਤਹਿਤ ਇਸ ਐਕਟ ਵਿੱਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ। ਹਰਿਆਣਾ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਸਬੰਧੀ ਬਣਾਇਆ ਗਿਆ ਐਕਟ ਗ਼ੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਤੁਰੰਤ ਰੱਦ ਕੀਤੀ ਜਾਣੀ ਚਾਹੀਦੀ ਹੈ। 


ਉਨ੍ਹਾਂ ਨੇ ਮੰਗ ਕੀਤੀ ਕਿ ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ ਤੇ ਇਸ ਦੇ ਨਾਲ ਹੀ ਸੰਸਦ ਅੰਦਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ 1920 ਵਿੱਚ ਸਥਾਪਤ ਹੋਈ ਸੰਸਥਾ ਹੈ ਤੇ ਇਸ ਸੰਵਿਧਾਨਕ ਸੰਸਥਾ ਨੂੰ ਤੋੜਨ ਦੀ ਕਾਰਵਾਈ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ। 


ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਐਕਟ ਦੀ ਸ਼ੁਰੂਆਤ ਹੀ ਹਰਿਆਣਾ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਰਾਜਸੀ ਹਿੱਤਾਂ ’ਚੋਂ ਨਿਕਲੀ ਹੈ, ਜਿਸ ਨੂੰ ਮਾਨਤਾ ਦੇਣ ਲਈ ਸੁਪਰੀਮ ਕੋਰਟ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਬਿਲਕੁਲ ਹੀ ਨਜ਼ਰਅੰਦਾਜ਼ ਕੀਤਾ ਹੈ।