ਖੰਨਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਕਾਨੂੰਨੀ ਮਾਨਤਾ ਦਿੱਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਹੋਈ ਸ਼੍ਰੋਮਣੀ ਕਮੇਟੀ ਦੀ ਜਨਰਲ ਹਾਊਸ ਦੀ ਮੀਟਿੰਗ ਦਾ ਵਿਰੋਧੀ ਧਿਰ ਵੱਲੋਂ ਬਾਈਕਾਟ ਕੀਤਾ ਗਿਆ। ਵਿਰੋਧੀ ਧਿਰ ਦੇ ਤਿੰਨ ਮੈਂਬਰਾਂ ਨੇ ਇਸ ਨੂੰ ਬਾਦਲ ਪਰਿਵਾਰ ਦੇ ਇਸ਼ਾਰੇ ਉਪਰ ਸੱਦੀ ਮੀਟਿੰਗ ਕਰਾਰ ਦਿੱਤਾ ਹੈ।
ਦੋਰਾਹਾ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਜਸਵੰਤ ਸਿੰਘ ਪੁੜੈਣ ਤੇ ਸਰਬੰਸ ਸਿੰਘ ਮਾਣਕੀ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਜਿਹੜਾ ਬਾਦਲ ਪਰਿਵਾਰ ਹਰਿਆਣਾ ਦੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਦੂਰ ਕਰਨ ਦਾ ਦੋਸ਼ੀ ਹੈ, ਉਸੇ ਬਾਦਲ ਪਰਿਵਾਰ ਦੇ ਇਸ਼ਾਰੇ ‘ਤੇ ਅੱਜ ਹੋਈ ਜਨਰਲ ਹਾਊਸ ਦੀ ਮੀਟਿੰਗ ਸਿਰਫ ਇੱਕ ਡਰਾਮਾ ਹੈ।
ਉਨ੍ਹਾਂ ਕਿਹਾ ਕਿ ਇਸੇ ਕਰਕੇ ਸ਼੍ਰੋਮਣੀ ਕਮੇਟੀ ਵਿਚ ਬਾਦਲ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਫੈਸਲਾ ਲੈ ਕੇ ਮੀਟਿੰਗ ਵਿਚ ਸ਼ਮੂਲੀਅਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਆਲਮਗੀਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬੁਲਾ ਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਜਨਰਲ ਹਾਊਸ ਵਿੱਚ ਬੋਲੀ ਤੇ ਪੜ੍ਹੀ ਜਾਣ ਵਾਲੀ ਸਕਰਿਪਟ ਤਿਆਰ ਕਰਕੇ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਜਨਰਲ ਹਾਊਸ ਦੀ ਮੀਟਿੰਗ ਵੀ ਬਿਲਕੁਲ ਉਸੇ ਤਰ੍ਹਾਂ ਹੈ ਜਿਵੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੇਲੇ ਬਾਦਲ ਲਿਫਾਫੇ ਰਾਹੀਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਹੁਕਮ ਦਿੰਦੇ ਹਨ।
ਜ਼ਿਕਰ ਕਰ ਦਈਏ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਦੀ ਹੰਗਾਮੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਦੀ ਰਾਇ ਤੇ ਸਰਬਸੰਮਤੀ ਨਾਲ ਇਸ ਫ਼ੈਸਲੇ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ।