ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ। ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ। ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ 30 ਅਕਤੂਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।
ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਕੱਤਰਤਾ ਕਰਕੇ ਦਿਸ਼ਾ-ਨਿਰਦੇਸ਼ ਦਿੱਤੇ।
ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਦਰ 27 ਅਕਤੂਬਰ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨੂੰ ਸੰਬੋਧਤ ਹੋਣਗੀਆਂ। ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ।
ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸਿੱਖ ਮਿਸ਼ਨਰੀਆਂ ਕਾਲਜਾਂ ਨਾਲ ਸਬੰਧਤ 100 ਵਿਦਿਆਰਥੀ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਤਿਆਰ ਕਰਵਾਈਆਂ ਗਈਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ