Amritsar News: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਨੂੰ ਲੈ ਕੇ ਚੱਲੇ ਰੇੜਕੇ ਵਿਚਾਲੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗੰਵਤ ਮਾਨ ਨੂੰ ਤਿੱਖਾ ਜਵਾਬ ਦਿੱਤਾ ਹੈ। ਸੀਐਮ ਭਗਵੰਤ ਮਾਨ ਵੱਲੋਂ 24 ਘੰਟੇ ਵਿੱਚ ਚੈਨਲ ਲਾਈਵ ਕਰਨ 'ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਸਭ ਕੁਝ ਕਰਨ ਦੇ ਸਮਰੱਥ ਹੈ। 


ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕ ਕੈਬਨਿਟ ਮੰਤਰੀ ਸ਼੍ਰੋਮਣੀ ਕਮੇਟੀ ਦੀਆਂ ਸੂਹਾਂ ਲੈਣ ਨੂੰ ਛੱਡਿਆ ਗਿਆ ਹਰ ਪਰ ਇਹ ਦਰ ਅਕਾਲ ਪੁਰਖ ਦਾ ਹੈ ਤੇ ਇੱਥੇ ਇਹ ਸਭ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।  


ਅੱਜ ਅੰਮ੍ਰਿਤਸਰ ਵਿਖੇ ਮੰਜੀ ਸਾਹਿਬ ਦੀ ਸਟੇਜ ਤੋਂ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਦਾ ਨਾਮ ਲਏ ਬਿਨਾ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਆਉਂਦੇ ਤਿੰਨ ਮਹੀਨੇ ‘ਚ ਲਾਈਵ ਕੀਰਤਨ ਨਾਲ ਸਬੰਧਤ ਹੋਰ ਵੀ ਵੱਡੇ ਪ੍ਰੋਜੈਕਟ ਗੁਰੂ ਦੀ ਕਿਰਪਾ ਨਾਲ ਸੰਗਤ ਸਾਹਮਣੇ ਲੈ ਕੇ ਆਵਾਂਗੇ। ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਜੇਪੀ ਨਾਲ ਮੇਲ ਹੋਣ ਦਾ ਵੀ ਦਾਅਵਾ ਕੀਤਾ।


ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਕਿਹਾ ਸੀ ਕਿ ਅਕਾਲ ਤਖਤ ਦੇ ਸਾਬਕਾ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਸਾਲ ਪਹਿਲਾਂ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਲਈ ਕਿਹਾ ਸੀ ਪਰ ਕਮੇਟੀ ਉਸ ਸਮੇਂ ਤੋਂ ਹੱਥ ’ਤੇ ਹੱਥ ਧਰ ਕੇ ਬੈਠੀ ਹੈ। ਹੁਣ ਵੀ ਜਥੇਦਾਰ ਨੇ ਉਸੇ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਨ ਜਾਰੀ ਰੱਖਣ ਲਈ ਕਿਹਾ ਹੈ ਤਾਂ ਕਿ ਆਪਣੇ ਆਕਾਵਾਂ ਨੂੰ ਖੁਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨੂੰ ਸੇਵਾ ਦਾ ਮੌਕਾ ਦਿੰਦੀ ਹੈ ਤਾਂ ਗੁਰਬਾਣੀ ਦੇ ਲਾਈਵ ਤੇ ਮੁਫਤ ਪ੍ਰਸਾਰਣ ਲਈ ਸਾਰੇ ਬੰਦੋਬਸਤ 24 ਘੰਟਿਆਂ ’ਚ ਕੀਤੇ ਜਾ ਸਕਦੇ ਹਨ। 


ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈਬ ਚੈਨਲ ਅੱਜ ਰਸਮੀ ਤੌਰ ’ਤੇ ਲਾਂਚ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਵਾਸਤੇ ਅਖੰਡ ਪਾਠ ਦਾ ਭੋਗ ਪਾਇਆ ਗਿਆ। ਬਾਅਦ ਵਿੱਚ ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਸਮੀ ਤੌਰ ’ਤੇ ਵੈੱਬ ਚੈਨਲ ਦੀ ਸ਼ੁਰੂਆਤ ਕੀਤੀ ਗਈ।


ਇਸ ਮੌਕੇ ਧਾਮੀ ਨੇ ਕਿਹਾ ਕਿ SGPC AMRITSAR ਦੇ ਨਾਮ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਨਵੇ YouTube Chanel ਦਾ ਨਾਮ ਹੋਏਗਾ। ਯਾਦ ਰਹੇ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਫਿਰ ਸ਼੍ਰੀ ਦਰਬਾਰ ਸਾਹਿਬ ਤੇ ਹੁਣ SGPC AMRITSAR ਨਾਮ ਰੱਖਿਆ ਗਿਆ ਹੈ।