ਸ਼੍ਰੋਮਣੀ ਕਮੇਟੀ ਨੇ ਭਗਵੰਤ ਸਿੰਘ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ ਲਿਆ ਨੋਟਿਸ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਂਪਿਆ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਂਪਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੇ ਇਸ਼ਟ ਹਨ ਅਤੇ ਹਰ ਸਿੱਖ ਪਾਵਨ ਗੁਰਬਾਣੀ ਨੂੰ ਸਿਖਰਲਾ ਸਤਿਕਾਰ ਦਿੰਦਾ ਹੈ। ਲੇਕਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਜਾਂਦਾ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਘਰ ਅਜਿਹਾ ਵਾਪਰਨਾ ਹੋਰ ਵੀ ਦੁਖਦਾਈ ਹੈ, ਕਿਉਂਕਿ ਮੁੱਖ ਮੰਤਰੀ ਦੀ ਜ਼ੁੰਮੇਵਾਰੀ ਹਰ ਧਰਮ ਦੀ ਪ੍ਰਫੁੱਲਤਾ ਅਤੇ ਸਤਿਕਾਰ ਲਈ ਵਚਨਬੱਧ ਹੋਣਾ ਹੁੰਦਾ ਹੈ। ਉਸ ਦੀ ਜ਼ੁੰਮੇਵਾਰੀ ਹੈ ਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰੇ ਅਤੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਸਮਝੇ।
ਪ੍ਰਧਾਨ ਵੱਲੋਂ ਮੰਗ ਪੱਤਰ ਸੌਂਪੇ ਜਾਣ ਤੋਂ ਬਾਅਦ ਜੱਥੇਦਾਰ ਵੱਲੋਂ ਵੀ ਘਟਨਾ ਦੀ ਨਿਖੇਧੀ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਦੇ ਵਿਆਹ ਮੌਕੇ ਪਾਲਕੀ ਸਾਹਿਬ ਦੀ ਤਲਾਸ਼ੀ ਬਾਰੇ ਸ਼੍ਰੋਮਣੀ ਕਮੇਟੀ ਵਫਦ ਵੱਲੋਂ ਦਿੱਤੇ ਗਏ ਮੰਗ ਪੱਤਰ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਜਿਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪਹੁੰਚੀ।@J_Harpreetsingh @CMOPb
— Shiromani Gurdwara Parbandhak Committee (SGPC) (@SGPCAmritsar) July 14, 2022
@BhagwantMann
@PunjabGovtIndia pic.twitter.com/1p1CKFPc0I
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ, ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਅਲਵਿੰਦਲਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ਼ੇਰ ਸਿੰਘ ਮੰਡਵਾਲਾ, ਗੁਰਬਚਨ ਸਿੰਘ ਕਰਮੂੰਵਾਲਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਕੋਟਸ਼ਮੀਰ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਵਿਛੋਆ, ਨਵਤੇਜ ਸਿੰਘ ਕਾਉਣੀ, ਖੁਸ਼ਵਿੰਦਰ ਸਿੰਘ ਭਾਟੀਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਗੁਰਲਾਲ ਸਿੰਘ, ਬਲਵਿੰਦਰ ਕੌਰ, ਕਿਰਨਜੋਤ ਕੌਰ, ਹਰਜਿੰਦਰ ਕੌਰ, ਗੁਰਨਾਮ ਸਿੰਘ ਜੱਸਲ, ਬਲਦੇਵ ਸਿੰਘ ਕਲਿਆਣ, ਚਰਨਜੀਤ ਸਿੰਘ ਕਾਲੇਵਾਲ, ਬਲਦੇਵ ਸਿੰਘ ਕਾਇਮਪੁਰ, ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਆਦਿ ਮੌਜੂਦ ਸਨ।