ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਚੋਣ ਇਜਲਾਸ 9 ਨਵੰਬਰ ਨੂੰ : ਐਡਵੋਕੇਟ ਧਾਮੀ
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ।
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਚੁਣੇ ਜਾਂਦੇ ਹਨ, ਜਿਸ ਤਹਿਤ ਇਸ ਵਾਰ 9 ਨਵੰਬਰ ਨੂੰ ਇਜਲਾਸ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖਰਚੇ ਗਏ ਹਨ। ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2.85 ਕਰੋੜ ਰੁਪਏ, ਧਰਮੀ ਫ਼ੌਜੀਆਂ ਨੂੰ 8.85 ਕਰੋੜ ਰੁਪਏ, ਕੈਂਸਰ ਪੀੜਤਾਂ ਨੂੰ 31.91 ਕਰੋੜ ਰੁਪਏ, ਜੋਧਪੁਰ ਨਜ਼ਰਬੰਦ ਰਹੇ ਸਿੰਘਾਂ ਲਈ 2.42 ਕਰੋੜ ਰੁਪਏ, ਜੰਮੂ ਕਸ਼ਮੀਰ ਹੜ੍ਹ ਪੀੜਤਾਂ ਨੂੰ 1.15 ਕਰੋੜ ਰੁਪਏ, ਧਰਮ ਅਰਥ ਫੰਡ ਤਹਿਤ ਲੋੜਵੰਦਾਂ ਨੂੰ 14.79 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਸਾਲ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ, ਧਾਰਮਿਕ ਪ੍ਰੀਖਿਆ ਤੇ ਸਿਕਲੀਗਰ ਵਣਜਾਰੇ ਸਿੱਖਾਂ ਆਦਿ ਨੂੰ ਵੱਡੀ ਸਹਾਇਤਾ ਦਿੱਤੀ ਗਈ ਹੈ। ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲ 2021-2022 ਦੌਰਾਨ 2.10 ਕਰੋੜ ਰੁਪਏ ਦੇ ਵਜ਼ੀਫੇ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 52.35 ਲੱਖ ਰੁਪਏ, ਸਿਕਲੀਗਰ ਦੇ ਵਣਜਾਰੇ ਸਿੱਖਾਂ ਲਈ 43.48 ਲੱਖ ਰੁਪਏ, ਧਾਰਮਿਕ ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ 23.87 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਚਨਬਧ ਹੈ ਅਤੇ ਰਹੇਗੀ।