ਸ਼ੰਕਰ ਦਾਸ ਦੀ ਰਿਪੋਰਟ 


 


ਚੰਡੀਗੜ੍ਹ : ਅੱਜ ਪਟਿਆਲਾ ਵਿਖੇ ਸ਼ਿਵ ਸੈਨਾ (Shiv Sena) ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ (Harish Singla) ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਗਈ ਹੈ।




ਦਰਅਸਲ 'ਚ ਪੰਜਾਬ ਦੇ ਪਟਿਆਲਾ ਵਿੱਚ ਦੋ ਵੱਖ-ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਦੀ ਪੁਲੀਸ ਨਾਲ ਝੜਪ ਹੋ ਗਈ। ਇਹ ਟਕਰਾਅ ਜਲੂਸ ਨੂੰ ਲੈ ਕੇ ਹੋਇਆ। ਪੁਲਿਸ ਲੋਂ ਰੋਕੇ ਜਾਣ 'ਤੇ ਇਕ ਧੜੇ ਨੇ ਉਨ੍ਹਾਂ 'ਤੇ ਪਥਰਾਅ ਕੀਤਾ ਅਤੇ ਦੂਜੇ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਵਾਂ ਭਾਈਚਾਰਿਆਂ ਨੂੰ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਸੀ।  

ਇਸ ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ ਹਨ। ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਮਜ਼ਬੂਤ ​​ਕਰ ਦਿੱਤੀ ਗਈ ਹੈ। ਪੁਲਿਸ ਸਥਿਤੀ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਦੋਵਾਂ ਭਾਈਚਾਰਿਆਂ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ 'ਤੇ ਵਾਪਸ ਭੇਜ ਦਿੱਤਾ ਗਿਆ ਹੈ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।


ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।