ਤਰਨ ਤਾਰਨ: ਥਾਣਾ ਸਦਰ ਪੱਟੀ ਦੇ ਐਸਐਚਓ ਨੂੰ ਨਿਰਦੋਸ਼ ਨੂੰ ਨਜਾਇਜ਼ ਹਿਰਾਸਤ 'ਚ ਰੱਖਣ ਅਤੇ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਥਾਣੇਦਾਰ ਪ੍ਰੀਤਇੰਦਰ ਸਿੰਘ ਨੇ ਇੱਕ ਨਿਰਦੋਸ਼ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਇਲਜ਼ਾਮਾਂ 'ਚ ਗ੍ਰਿਫ਼ਤਾਰ ਕੀਤਾ ਸੀ ਤੇ ਉਸ ਨੂੰ ਛੱਡਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬਾਰਡਰ ਰੇਂਜ ਦੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਖ਼ਾਸਤ ਕੀਤੇ ਐਸਐਚਓ ਪ੍ਰੀਤਇੰਦਰ ਸਿੰਘ ਨੇ ਬੀਤੀ 9 ਅਗਸਤ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਮਾਲਪੁਰਾ ਦੇ ਹਰਭੁਪਿੰਦਰ ਸਿੰਘ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰਕੇ ਦੋ ਦਿਨ ਗ਼ੈਰਕਾਨੂੰਨੀ ਤੌਰ 'ਤੇ ਪੁਲਿਸ ਕਸਟਡੀ 'ਚ ਰੱਖਿਆ। ਇੰਨਾ ਹੀ ਨਹੀਂ ਉਸਨੂੰ ਛੱਡਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ ਗਈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਤਇੰਦਰ ਸਿੰਘ ਖ਼ਿਲਾਫ ਕਾਰਵਾਈ ਕਰਦਿਆਂ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨਾਲ ਹੀ ਹੋਰ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੀ ਡਿਊਟੀ ਸਹੀ ਢੰਗ ਨਾਲ ਤੇ ਇਮਾਨਦਾਰੀ ਨਾਲ ਨਿਭਾਉਣ। ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਖ਼ਿਲਾਫ਼ ਉਨ੍ਹਾਂ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ।