(Source: ECI/ABP News)
ਆਪ ਵੱਲੋਂ ਪੰਜਾਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਫ਼ੇਲ੍ਹ ਕਰਾਰ, ਕਿਹਾ ਸਥਿਤੀ ਬਣੀ ਚਿੰਤਾਜਨਕ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਘੋਰ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹਨ।ਉਨ੍ਹਾਂ ਸੂਬੇ ’ਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾਕਰਨ ਮੁਹਿੰਮ ਨੂੰ ਫ਼ੇਲ੍ਹ ਕਰਾਰ ਦਿੱਤਾ।
![ਆਪ ਵੱਲੋਂ ਪੰਜਾਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਫ਼ੇਲ੍ਹ ਕਰਾਰ, ਕਿਹਾ ਸਥਿਤੀ ਬਣੀ ਚਿੰਤਾਜਨਕ Shortage of vaccine making situation uncertain in Punjab, AAP ਆਪ ਵੱਲੋਂ ਪੰਜਾਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਫ਼ੇਲ੍ਹ ਕਰਾਰ, ਕਿਹਾ ਸਥਿਤੀ ਬਣੀ ਚਿੰਤਾਜਨਕ](https://feeds.abplive.com/onecms/images/uploaded-images/2021/07/27/b6a24529b068c268b31a2a7ff1d48ff5_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਘੋਰ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹਨ।ਉਨ੍ਹਾਂ ਸੂਬੇ ’ਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾਕਰਨ ਮੁਹਿੰਮ ਨੂੰ ਫ਼ੇਲ੍ਹ ਕਰਾਰ ਦਿੰਦੇ ਹੋਏ ਇਸ ਦੀ ਸਖ਼ਤ ਨਿੰਦਾ ਕੀਤੀ।
ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਡਾਕਟਰੀ ਵਿੰਗ ਦੇ ਸੂਬਾ ਪ੍ਰਧਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ "ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਵੈਕਸੀਨ ਉਪਲਬਧ ਕਰਾਉਣ ’ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ।"
ਉਨ੍ਹਾਂ ਕਿਹਾ ਕਿ, "ਪੰਜਾਬ ’ਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ।" ਉਨ੍ਹਾਂ ਦੋਸ਼ ਲਾਇਆ ਕਿ ਚੰਗੀਆਂ ਸਿਹਤ ਸਹੂਲਤਾਂ ਦੇਣਾ ਤਾਂ ਦੂਰ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਕੇਵਲ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾ ਲਾਉਣ ਵਿੱਚ ਵੀ ਅਸਫਲ ਰਹੀ ਹੈ।
ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਮੀਤ ਹੇਅਰ ਅਤੇ ਡਾ. ਰਵਜੋਤ ਨੇ ਦੋਸ਼ ਲਾਇਆ ਕਿ ਸਿਹਤ ਮੰਤਰੀ ਤਾਂ ਘੋਟਾਲੇ ਕਰਨ ਅਤੇ ਜ਼ਮੀਨਾਂ ’ਤੇ ਕਬਜ਼ੇ ਕਰਨ ਲੱਗੇ ਹੋਏ ਹਨ, ਉਨ੍ਹਾਂ ਨੂੰ ਆਮ ਲੋਕਾਂ ਅਤੇ ਸਿਹਤ ਵਿਭਾਗ ਦੀ ਕੋਈ ਪ੍ਰਵਾਹ ਨਹੀਂ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਡੇ ਬੈਨਰ ਲਗਾ ਕੇ ਅਤੇ ਟੀਵੀ ਅਤੇ ਰੇਡੀਓ ਰਾਹੀਂ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਲੋਕ ਟੀਕਾ ਲਾਉਣ ਲਈ ਪ੍ਰੇਸ਼ਾਨ ਹੋ ਰਹੇ ਸਨ ।
‘ਆਪ’ ਆਗੂਆਂ ਨੇ ਕਿਹਾ ਕਿ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ’ਚ ਕੇਵਲ 25 ਲੱਖ 8 ਹਜ਼ਾਰ 843 ਵਿਅਕਤੀਆਂ ਨੂੰ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲੀਆਂ ਹਨ, ਜੋ ਸੂਬੇ ਦੀ ਕੁੱਲ ਆਬਾਦੀ ਬਾਰ੍ਹਵਾਂ ਹਿੱਸਾ ਬਣਦਾ ਹੈ। ਜਦੋਂ ਕਿ ਪਹਿਲੀ ਖ਼ੁਰਾਕ ਲੈਣ ਵਾਲਿਆਂ ਦੀ ਗਿਣਤੀ 85 ਲੱਖ 86 ਹਜ਼ਾਰ 411 ਸੀ, ਜੋ ਕੁੱਲ ਆਬਾਦੀ ਦੇ ਇੱਕ ਤਿਹਾਈ ਤੋਂ ਵੀ ਘੱਟ ਹੈ।
ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਇਸ ਸਥਿਤੀ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜ਼ਰੂਰੀ ਪ੍ਰਬੰਧ ਕਰਨ ਵਿੱਚ ਨਾਕਾਮ ਹੋਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ਼ਤਿਹਾਰਾਂ ਅਤੇ 'ਮਿਸ਼ਨ ਫਤਿਹ' 'ਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਬਰਬਾਦ ਕੀਤੇ ਹਨ, ਜਦੋਂ ਕਿ ਸਰਕਾਰ ਕੋਰੋਨਾ ਵਾਇਰਸ ਵਿਰੁੱਧ ਲੜਾਈ ਅਤੇ ਟੀਕਾਕਰਨ ਮੁਹਿੰਮ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ 'ਤੇ ਰਾਜ ਅਤੇ ਕੇਂਦਰ ਸਰਕਾਰ ਦੀ ਅਯੋਗਤਾ ਹੈ , ਜਿਸ ਕਰਕੇ ਪੰਜਾਬ ਦੇ ਲੋਕ ਪਰੇਸ਼ਾਨ ਹੋ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)