ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਤੇ ਗੰਭੀਰ ਦੋਸ਼ ਲਾਏ ਹਨ।ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ ਹੈ। ਜਿਸਦਾ ਇਕਲੌਤਾ ਮਕਸਦ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡੇਰੇ ਦੀਆਂ ਵੋਟਾਂ ਹਾਸਲ ਕਰਨਾ ਹੈ।ਜਿਸ ਦੇ ਬਦਲੇ ਡੇਰੇ ਨੂੰ ਕਲੀਨ ਚਿੱਟ ਦਿੱਤੀ ਜਾਵੇਗੀ।



ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਡੇਰੇ ਨਾਲ ਹੋਏ ਸਮਝੌਤੇ ਤਹਿਤ ਬੇਅਦਬੀ ਮਾਮਲੇ ਵਿੱਚ ਡੇਰੇ ਖਿਲਾਫ ਕੇਸ ਕਮਜ਼ੋਰ ਕਰੇਗੀ। ਉਹਨਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਡੇਰਾ ਸੱਚਾ ਸੌਦਾ ਨੂੰ ਡਰਾਇਆ ਤੇ ਹੁਣ ਉਸ ਨਾਲ ਰਲ ਕੇ ਉਸਨੂੰ ਅਕਾਲੀ ਦਲ ਦੇ ਖਿਲਾਫ ਸਿਆਸੀ ਮਨਸੂਬਿਆਂ ਵਾਸਤੇ ਵਰਤਣਾ ਚਾਹੁੰਦੀ ਹੈ।



ਉਹਨਾਂ ਕਿਹਾ ਕਿ ਅਜਿਹਾ ਕਰਦਿਆਂ ਉਸਦੀ ਡੇਰੇ ਨਾਲ ਦੋਸਤੀ ਬੇਨਕਾਬ ਹੋ ਗਈ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਕਾਂਗਰਸ ਪਾਰਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਤੇ ਧੋਖੇ ਵਾਲੀ ਤੇ ਅਨੈਤਿਕ ਸਿਆਸਤ ਨਹੀਂ ਕਰਨ ਦੇਵੇਗਾ।