Shubkaran Death Case: ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਬੀਤੇ ਦਿਨ ਹਾਈ ਕੋਰਟ 'ਚ ਸੁਣਵਾਈ ਦੌਰਾਨ ਅਦਾਲਤ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਰਿਪੋਰਟ ਨੂੰ ਦੇਖਦੇ ਹੋਏ ਕਿਹਾ ਕਿ ਪੁਲਿਸ ਨੇ ਗੋਲੀ ਨਹੀਂ ਚਲਾਈ, ਜਿਸ 'ਤੇ ਹਾਈਕੋਰਟ ਨੇ ਕਿਹਾ ਕਿ ਮੌਤ ਦਾ ਕਾਰਨ ਗੋਲੀ ਚੱਲਣਾ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਸ਼ਾਟ ਗਨ ਦੀ ਵਰਤੋਂ ਨਹੀਂ ਕਰਦੀ, ਇਸ ਲਈ ਅਜਿਹਾ ਲੱਗਦਾ ਹੈ ਕਿ ਸ਼ਾਟ ਗਨ ਦੀ ਵਰਤੋਂ ਕਿਸਾਨਾਂ ਨੇ ਖੁਦ ਕੀਤੀ ਸੀ। ਅਦਾਲਤ ਨੇ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਵੀ ਨਾਮਜ਼ਦ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।


ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 9 ਜੁਲਾਈ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲੀਸ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ-ਪੱਤਰ ਦਿੱਤਾ ਸੀ। ਮੁੱਖ ਮੰਤਰੀ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਵਿਧਾਨ ਸਭਾ ਇਜਲਾਸ ਦੌਰਾਨ ਮਤਾ ਲਿਆਉਣ ਦਾ ਵਾਅਦਾ ਵੀ ਕੀਤਾ ਗਿਆ। ਉਧਰ, ਕਿਸਾਨ ਜਥੇਬੰਦੀਆਂ ਨੇ ਇਹ ਮੰਗਾਂ ਮੰਨੇ ਜਾਣ ਮਗਰੋਂ 12 ਜੁਲਾਈ ਨੂੰ ਬਠਿੰਡਾ ਦੇ ਡੀਸੀ ਤੇ ਐੱਸਐੱਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਰੱਦ ਕਰ ਦਿੱਤਾ।


ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਦਿੱਲੀ ਕੂਚ ਸਮੇਂ 21 ਫਰਵਰੀ ਨੂੰ ਹਰਿਆਣਾ ਸਰਕਾਰ ਦੀ ਗੋਲੀ ਨਾਲ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ, ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਵਾਅਦਾਖ਼ਿਲਾਫ਼ੀ ਵਿਰੁੱਧ ਦੋਵਾਂ ਜਥੇਬੰਦੀਆਂ ਵੱਲੋਂ 12 ਜੁਲਾਈ ਨੂੰ ਡੀਸੀ ਤੇ ਐੱਸਐੱਸਪੀ ਦਫ਼ਤਰ ਬਠਿੰਡਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ।


ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਕਰਵਾਈ ਗਈ। ਮੁੱਖ ਮੰਤਰੀ ਨੇ ਸ਼ਹੀਦ ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੂੰ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲੀਸ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਲਿਆ ਕੇ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦਾ ਵਾਅਦਾ ਵੀ ਕੀਤਾ ਗਿਆ।