ਗੁਰਦਾਸਪੁਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਪਾਕਿਸਤਾਨੀ ਫੇਰੀ ਮੌਕੇ ਉੱਠੇ ਵਿਵਾਦ ਨੂੰ ਮਿਸ਼ਨਰੀ ਰੁਖ਼ ਦੇਣਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਚਾਰਾਜੋਈ ਸ਼ੁਰੂ ਆਰੰਭ ਦਿੱਤੀ ਹੈ। ਗੁਰਦਾਸਪੁਰ ਦੇ ਜ਼ਿਲ੍ਹੇ ਦੇ ਸਭ ਤੋਂ ਅਖੀਰਲੇ ਪਿੰਡ ਡੇਰਾ ਬਾਬਾ ਨਾਨਕ ਪਹੁੰਚ ਕੇ ਸਿੱਧੂ ਨੇ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ। ਸਿੱਧੂ ਨੇ ਇੱਥੇ ਕਿਹਾ ਕਿ ਉਹ ਪਾਕਿਸਤਾਨ ਤੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਇਸ ਸਬੰਧੀ ਗੱਲ ਕਰਨਗੇ। ਕੈਬਨਿਟ ਮੰਤਰੀ ਨਵਜੋਤ ਸਿੱਧੂ ਸਵੇਰੇ ਡੇਰਾ ਬਾਬਾ ਨਾਨਕ ਬਾਰਡਰ ਪਹੁੰਚੇ ਅਤੇ ਕਰਤਾਰਪੁਰ ਲਾਂਘੇ ਲਈ ਅਰਦਾਸ ਕੀਤੀ। ਇਸ ਮੌਕੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਪਵਿੱਤਰ ਸਥਾਨ ਲਈ ਅਰਦਾਸ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉੱਪਰ ਉੱਠ ਕੇ ਸਭ ਨੂੰ ਲਾਂਘਾ ਖੁੱਲ੍ਹਵਾਉਣ ਲਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਖ਼ਤ ਦੀ ਸ਼ਲਾਘਾ ਕੀਤੀ। ਸਿੱਧੂ ਨੇ ਕਿਹਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਵਾਸਤੇ ਉਹ ਕੁਝ ਵੀ ਕਰਨ ਨੂੰ ਤਿਆਰ ਹਨ। ਸਿੱਧੂ ਨੇ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ ਹੋਈ ਸੰਗਤ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਲੰਮੇਂ ਸਮੇਂ ਤੋਂ ਲਾਂਘੇ ਦੀ ਮੰਗ ਕਰਦੀ ਹੈ। ਜ਼ਿਕਰਯੋਗ ਹੈ ਕਿ ਬੀਤੀ 18 ਅਗਸਤ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਦੌਰਾਨ ਉੱਥੋਂ ਦੇ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲੇ ਮਿਲਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ। ਸਿੱਧੂ ਨੇ ਇਸ ਬਾਬਤ ਸਫਾਈ ਵੀ ਦਿੱਤੀ ਕਿ ਉਹ ਫ਼ੌਜ ਮੁਖੀ ਨੂੰ ਇਸ ਲਈ ਮਿਲੇ ਸਨ ਕਿਉਂਕਿ ਉਨ੍ਹਾਂ ਆਉਂਦੇ ਸਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਵਿਚਾਰ ਕਰਨ ਦੀ ਗੱਲ ਕਹੀ ਸੀ।
ਇਸ ਤੋਂ ਬਾਅਦ ਸਿੱਧੂ ਦਾ ਲਗਾਤਾਰ ਸਮਰਥਨ ਤੇ ਆਲੋਚਨਾ ਹੁੰਦੀ ਆ ਰਹੀ ਹੈ। ਹਾਲਾਂਕਿ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵੀ ਸਿੱਧੂ ਦੀ ਹਮਾਇਤ ਕੀਤੀ ਹੈ ਪਰ ਭਾਰਤ ਦੇ ਬਿਹਾਰ ਵਿੱਚ ਸਿੱਧੂ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਲਈ ਅਦਾਲਤੀ ਚਾਰਾਜੋਈ ਸ਼ੁਰੂ ਹੋ ਗਈ ਹੈ।