ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ। ਸਿੱਧੂ ਦੇ ਕਤਲ ਹੋਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਕੁਝ ਕਾਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਮੂਸੇਵਾਲਾ ਦੇ ਫ਼ੈਨਜ ਨੂੰ ਵੀ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਦਰਅਸਲ 'ਚ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਕੁਝ ਫ਼ੈਨਜ ਉਨ੍ਹਾਂ ਦੀ ਮਾਨਸਾ ਸਥਿਤ ਰਿਹਾਇਸ਼ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ ਸਨ। ਇਸ ਦੌਰਾਨ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਅਸੀਂ ਇੱਕ ਹਫ਼ਤਾ ਉਡੀਕ ਕਰਾਂਗੇ। ਜੇਕਰ ਸਰਕਾਰ ਅਤੇ ਪੁਲਿਸ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼ , ਮੋਮਬੱਤੀ ਮਾਰਚ ਦੀ ਤਿਆਰੀ ਕਰੋ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ ਅਤੇ ਕੁਝ ਇੱਥੇ ਸ਼ਰੇਆਮ ਘੁੰਮ ਰਹੇ ਹਨ। ਜਦੋਂ ਕਿ ਉਨ੍ਹਾਂ ਨੂੰ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸ ਦੇ ਬੇਟੇ ਦੇ ਕਤਲ ਵਿੱਚ ਕੁਝ ਸਫੈਦਪੋਸ ਵੀ ਸ਼ਾਮਲ ਸਨ। ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਸਾਡੇ ਪੁੱਤਰ ਦੇ ਕਤਲ ਦਾ ਇਨਸਾਫ਼ ਅਧੂਰਾ ਰਹੇਗਾ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਵਿੱਚ ਕੁਝ ਅਪਰਾਧੀ ਹਿਰਾਸਤ ਵਿੱਚ ਹਨ ਪਰ ਕਤਲ ਵਿੱਚ ਸ਼ਾਮਲ ਸਾਜ਼ਿਸ਼ਕਾਰਾਂ ਅਤੇ ਚਿਹਰਿਆਂ ਦੀ ਸੂਚੀ ਲੰਬੀ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਜ਼ਰੂਰੀ ਹੈ।
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।