ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਦਰਦ ਛਲਕਾ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸਾਡੀ ਸੁਰੱਖਿਆ ਵਾਪਸ ਲੈ ਕੇ ਜਨਤਕ ਕਰ ਦਿੱਤੀ ਹੈ, ਸਰਕਾਰ ਨੇ ਉਸ ਨੂੰ ਵੱਡੇ ਅਹੁਦੇ 'ਤੇ ਬਿਠਾ ਦਿੱਤਾ ਹੈ। ਜੋ ਵਿਅਕਤੀ ਸਿੱਧੂ ਦੀ ਮੌਤ ਦਾ ਮਜ਼ਾਕ ਉਡਾਉਂਦਾ ਸੀ ਕਿ ਪ੍ਰਿਆਵਰਤ ਫੌਜੀ ਟੋਪੀ ਵਾਲਾ ਇਕੱਲਾ ਹੈ, ਉਸ ਨੂੰ ਵਕੀਲਾਂ ਦੇ ਪੈਨਲ ਵਿਚ ਸ਼ਾਮਲ ਕਰ ਦਿੱਤਾ ਗਿਆ।

ਪਿੰਡ ਮੂਸੇ ਵਿਖੇ ਫ਼ੈਨਜ ਨਾਲ ਗੱਲਬਾਤ ਦੌਰਾਨ ਚਰਨ ਕੌਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਅਸੀਂ ਕੈਂਡਲ ਮਾਰਚ ਕੱਢਿਆ। ਫਿਰ ਕੋਈ ਵੱਡਾ ਪ੍ਰੋਗਰਾਮ ਕਰਾਂਗੇ। ਇਸ ਤੋਂ ਬਾਅਦ ਵੀ ਜੇਕਰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਸੜਕਾਂ 'ਤੇ ਬੈਠਾਂਗੇ।

ਸਿੱਧੂ ਦੀ ਮੌਤ ਤੋਂ ਬਾਅਦ AAP ਵਾਲੇ ਤਿਉਹਾਰ ਮਨਾ ਰਹੇ 

ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਤਿਉਹਾਰ ਮਨਾ ਰਹੇ ਹਨ। ਸਾਨੂੰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਕਿਸੇ ਦੇ ਦੁੱਖ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਆਪਣੀ ਹੀ ਮਸਤੀ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਦੇਖਣੇ ਚਾਹੀਦੇ ਹਨ ਕਿ ਕਿੰਨੇ ਲੋਕਾਂ ਦਾ ਕਤਲ ਹੋ ਚੁੱਕਾ ਹੈ।
 



ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

 

 ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਲਾਰੇਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿੱਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।