Sidhu Moose Wala Murder: ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਐਨਆਈਏ ਕੋਰਟ (NIA) ਵਿੱਚ ਪਟੀਸ਼ਨ ਦਾਇਰ ਕਰਕੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਵਿਰੋਧੀ ਗਿਰੋਹ ਲਾਰੇਂਸ ਬਿਸ਼ਨੋਈ ਨੂੰ ਮਾਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦਾ ਫਰਜ਼ੀ ਮੁਕਾਬਲਾ ਕੀਤੇ ਜਾਣ ਦੀ ਵੀ ਸੰਭਾਵਨਾ ਹੈ।
ਪਟੀਸ਼ਨ 'ਚ ਬਿਸ਼ਨੋਈ ਵਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਉਸ ਦੀ ਸਰੀਰਕ ਕਸਟਡੀ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਦੇਣ ਦੀ ਲੋੜ ਨਹੀਂ ਹੈ। ਪੁਲਿਸ ਉਸ ਤੋਂ ਜੇਲ੍ਹ ਵਿੱਚ ਵੀ ਪੁੱਛਗਿੱਛ ਕਰ ਸਕਦੀ ਹੈ। ਜੇਕਰ ਉਸ ਨੂੰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਤਾਂ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ।
ਅਦਾਲਤ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਹਾਲਾਂਕਿ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਫਿਲਹਾਲ ਲਾਰੇਂਸ ਬਿਸ਼ਨੋਈ ਦੀ ਅਰਜ਼ੀ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਹੋਰ ਸੂਬੇ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਨਹੀਂ ਕੀਤਾ। ਅਦਾਲਤ ਐਨਕਾਊਂਟਰ ਦੇ ਖਦਸ਼ੇ ਕਾਰਨ ਪਹਿਲਾਂ ਤੋਂ ਅਜਿਹਾ ਕੋਈ ਹੁਕਮ ਨਹੀਂ ਦੇ ਸਕਦੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰ ਰਿਹਾ ਹੈ।
ਐਤਵਾਰ ਨੂੰ ਹੋਇਆ ਸਿੱਧੂ ਮੂਸੇਵਾਲਾ ਦਾ ਕਤਲ
ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ। ਦੂਜੇ ਪਾਸੇ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਲਈ ਐਸਆਈਟੀ ਦਾ ਗਠਨ ਕੀਤਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਗਾਇਕ ਦੀ ਮੌਕੇ 'ਤੇ ਹੀ ਮੌਤ
ਹਮਲਾਵਰਾਂ ਨੇ ਮੂਸੇਵਾਲਾ ਦੀ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ। ਘੱਟੋ-ਘੱਟ 20 ਤੋਂ ਵੱਧ ਗੋਲੀਆਂ ਉਸ ਦੀ ਕਾਰ ਨੂੰ ਲੱਗੀਆਂ। ਇਸ ਗੋਲੀਬਾਰੀ 'ਚ ਸਿੱਧੂ ਮੂਸੇਵਾਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਮਲੇ 'ਚ ਉਸ ਦੇ ਨਾਲ ਕਾਰ ਵਿਚ ਸਵਾਰ ਉਸ ਦੇ ਦੋ ਹੋਰ ਸਾਥੀਆਂ ਨੂੰ ਹਮਲੇ ਤੋਂ ਬਾਅਦ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ।
ਕਾਂਗਰਸ ਦੀ ਟਿਕਟ 'ਤੇ ਲੜੀਆਂ ਵਿਧਾਨ ਸਭਾ ਚੋਣਾਂ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ ਇਸ ਸਾਲ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਡਾ: ਵਿਜੇ ਸਿੰਗਲਾ ਨੇ ਹਰਾਇਆ ਸੀ। ਸਿੱਧੂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਸ ਤੋਂ ਬਾਅਦ ਜਦੋਂ ਉਹ ਪੰਜਾਬ ਪਰਤਿਆ ਤਾਂ ਗਾਇਕ ਬਣ ਕੇ ਪਰਤਿਆ। ਸਿੱਧੂ ਮੂਸੇਵਾਲਾ ਦਾ ਨਾਂਅ ਕਈ ਵਿਵਾਦਾਂ ਨਾਲ ਵੀ ਜੁੜਿਆ। ਇਸ ਦੇ ਨਾਲ ਹੀ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਕੁਝ ਹੋਰ ਗਾਇਕਾਂ ਨੂੰ ਵੀ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਇਹ ਵੀ ਪੜ੍ਹੋ: Satendar Jain Arrested: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ED ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ