ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੀਪਕ ਮੁੰਡੀ ਅਤੇ ਉਸ ਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੁਲਿਸ ਨੇ ਨੇਪਾਲ ਦੀ ਸਰਹੱਦ 'ਤੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। 


 

ਜਿਸ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਦਿੱਲੀ ਏਅਰਪੋਰਟ ਪਹੁੰਚ ਗਈ ਹੈ।ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਲਿਆਂਦਾ ਜਾਵੇਗਾ। ਜਿੱਥੋਂ ਇਨ੍ਹਾਂ ਗੈਂਗਸਟਰਾਂ ਨੂੰ ਸੜਕੀ ਰਸਤੇ ਮਾਨਸਾ ਲਿਆਂਦਾ ਜਾਵੇਗਾ ਅਤੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਵੀ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਸੀ।
 
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਸਿੱਧੂ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ 'ਚ ਆਏ ਸੀ। ਇਨ੍ਹਾਂ 'ਚੋਂ ਬੋਲੇਰੋ ਮੋਡਿਊਲ ਦੇ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਦਾ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਐਨਕਾਊਂਟਰ ਕਰ ਦਿੱਤਾ ਸੀ।
 
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।