ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਦੇਸ਼ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀ ਸ਼ਾਮਤ ਆ ਗਈ ਹੈ। ਮੂਸੇਵਾਲਾ ਦੇ ਕਤਲ ਮਗਰੋਂ ਲੋਕਾਂ ਵਿੱਚ ਵਧੇ ਰੋਹ ਨੂੰ ਵੇਖਦਿਆਂ ਪੁਲਿਸ ਗੈਂਗਸਟਰਾਂ ਨੂੰ ਫੜਨ ਲਈ ਦਿਨ-ਰਾਤ ਲੱਗੀ ਹੋਈ ਹੈ। ਹੁਣ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਤੇ ਉਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ ਵੀ ਦਬੋਚਣ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਪੁਲਿਸ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਵਾਪਸ ਲਿਆਏਗੀ ਤੇ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ 'ਤੇ ਵੀ ਸ਼ਿਕੰਜਾ ਕੱਸੇਗੀ।



ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਹਵਾਲਗੀ ਲਈ ਕਾਰਵਾਈ ਵਿੱਢ ਦਿੱਤੀ ਹੈ| ਮੁਕਤਸਰ ਦਾ ਵਸਨੀਕ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ 2017 ਵਿੱਚ ਸਟੂਡੈਂਟ ਵੀਜ਼ੇ ਤੇ ਕੈਨੇਡਾ ਗਿਆ ਸੀ। ਉਹ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ।

ਸਰਕਾਰੀ ਬੁਲਾਰੇ ਮੁਤਾਬਕ ਪੰਜਾਬ ਪੁਲੀਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੀਬੀਆਈ ਨੂੰ ਭੇਜ ਦਿੱਤੀ ਸੀ ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ। ਇਹ ਤਜਵੀਜ਼ ਫਰੀਦਕੋਟ ਸਿਟੀ ਥਾਣੇ ’ਚ ਦਰਜ ਦੋ ਕੇਸਾਂ ਦੇ ਆਧਾਰ ’ਤੇ ਭੇਜੀ ਗਈ ਸੀ।

ਪੰਜਾਬ ਪੁਲਿਸ ਨੇ ਇਸੇ ਤਰ੍ਹਾਂ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਵਾਸੀ ਪਿੰਡ ਰੱਤੋਕੇ, ਤਰਨ ਤਾਰਨ ਵਿਰੁੱਧ ਵੀ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਤਜਵੀਜ਼ 5 ਮਈ, 2022 ਨੂੰ ਸੀਬੀਆਈ ਨੂੰ ਭੇਜੀ ਗਈ ਸੀ। ਰਿੰਦਾ ਹੁਣ ਪਾਕਿਸਤਾਨ ਵਿੱਚ ਰਹਿ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਕਰਨਾਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਅਤਿਵਾਦੀਆਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ/ਗੋਲਾ ਬਾਰੂਦ ਅਤੇ ਆਈਈਡੀ ਬਰਾਮਦ ਕੀਤੇ ਗਏ ਹਨ, ਜੋ ਕਿ ਰਿੰਦਾ ਨਾਲ ਸਬੰਧਤ ਸਨ। ਰਿੰਦਾ ਵਿਰੁੱਧ ਜ਼ਿਲ੍ਹਾ ਪਟਿਆਲਾ ਦੇ ਤਿੰਨ ਮਾਮਲਿਆਂ ਵਿੱਚ ਵੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।