ਚੰਡੀਗੜ੍ਹ: ਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਰਹੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਯਾਦ ਰਹੇ ਜਦੋਂ ਸਿੱਧੂ ਮੂਸੇਵਾਲਾ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਸੀ ਤਾਂ ਉਹ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਗਏ ਸਨ। ਸਿੱਧੂ ਮੂਸੇਵਾਲਾ ਦਾ ਪਰਿਵਾਰ 4 ਜੂਨ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲ ਚੁੱਕਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ।

ਉਧਰ, ਚਰਚਾ ਹੈ ਕਿ ਬੇਸ਼ੱਕ ਕਾਂਗਰਸੀ ਨੇਤਾ ਰਾਹੁਲ ਗਾਂਧੀ ਅਫ਼ਸੋਸ ਪ੍ਰਗਟ ਕਰਨ ਲਈ ਆਏ ਹਨ ਪਰ ਪੰਜਾਬ ਕਾਂਗਰਸ ’ਚੋਂ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਸੂਬੇ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਘਰ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਵੀ ਕਰਨਗੇ।


ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਦੇ ਸਬੰਧ ਵਿੱਚ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ 8 ਤਰੀਕ ਨੂੰ ਨੌਜਵਾਨ ਪੱਗ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।