ਚੰਡੀਗੜ੍ਹ :  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅਜੇ ਵੀ ਕਈ ਗੀਤ ਹਨ ,ਜੋ ਹਾਲੇ ਰਿਲੀਜ਼ ਨਹੀਂ ਹੋਏ। ਸਿੱਧੂ ਦੀਆਂ ਪੁਰਾਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਪ੍ਰਸ਼ੰਸਕਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਨਵਾਂ ਗੀਤ ‘ਜਾਂਦੀ ਵਾਰ’ ਅਜੇ ਰਿਲੀਜ਼ ਨਹੀਂ ਹੋਵੇਗਾ। 

 

ਦਰਅਸਲ 'ਚ ਸਿੱਧੂ ਮੂਸੇਵਾਲਾ ਦੇ ਨਵੇਂ ਪੰਜਾਬੀ ਗੀਤ 'ਜਾਂਦੀ ਵਾਰ' ਦੀ ਰਿਲੀਜ਼ 'ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਹੁਕਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਦਾਇਰ ਪਟੀਸ਼ਨ 'ਤੇ ਦਿੱਤੇ ਹਨ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਅਤੇ ਗਾਇਕਾ ਅਫਸਾਨਾ ਖਾਨ ਨਾਲ ਸ਼ੂਟ ਕੀਤਾ ਪੰਜਾਬੀ ਗੀਤ 'ਜਾਂਦੀ ਵਾਰ' 2 ਸਤੰਬਰ ਨੂੰ ਰਿਲੀਜ਼ ਹੋਣਾ ਸੀ। ਇਹ ਜਾਣਕਾਰੀ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਇਸ ਤੋਂ ਬਾਅਦ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗੀਤ ਰਿਲੀਜ਼ ਨਾ ਕਰਨ ਦੀ ਅਪੀਲ ਕੀਤੀ ਸੀ।

ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਅਦਾਲਤ ਦਾ ਸਹਾਰਾ ਲਿਆ। ਹੁਣ ਮਾਨਸਾ ਦੀ ਅਦਾਲਤ ਨੇ ਗੀਤ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਨੇ ਵੀ ਗੀਤ ਨੂੰ ਰਿਲੀਜ਼ ਨਾ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਸੋਸ਼ਲ ਮੀਡੀਆ 'ਤੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਗੱਲ ਕਰਨ ਤੋਂ ਬਾਅਦ ਹੀ ਗੀਤ ਰਿਲੀਜ਼ ਕੀਤਾ ਜਾਵੇਗਾ।

 


ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

 

ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਲਾਰੇਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿੱਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।