ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਬੀਅਤ ਵਿਗੜਨ 'ਤੇ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ ਪਰ ਉਥੋਂ ਉਨ੍ਹਾਂ ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਬਲਕੌਰ ਸਿੰਘ ਹੁਣ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਾਲਾਂਕਿ ਡਾਕਟਰ ਉਨ੍ਹਾਂ ਸੁਰੱਖਿਆ ਨੂੰ ਦੇਖਦੇ ਹੋਏ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ।
ਦੱਸਣਯੋਗ ਹੈ ਕਿ ਪੁੱਤਰ ਦੇ ਦਿਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਇਨਸਾਫ ਦੀ ਲੜਾਈ ਲੜ੍ਹ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ 'ਤੇ ਚੁੱਪ ਰਹਿਣ ਲਈ ਕਿਹਾ ਹੈ।
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।