ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿੱਚ ਵੀ ਥੋੜੀ ਦਿੱਕਤ ਆ ਰਹੀ ਹੈ ਪਰ ਫਿਲਹਾਲ ਡਾਕਟਰ ਉਸ ਦੀ ਦੇਖਭਾਲ ਵਿੱਚ ਲੱਗੇ ਹੋਏ ਹਨ। ਬਲਕੌਰ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਸ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਡਾ: ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਹੇਠ ਹੈ।
ਬਲਕੌਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਹਨ ਪਰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹ ਆਪਣੀ ਸਿਹਤ ਨੂੰ ਭੁੱਲ ਇਨਸਾਫ ਲੈਣ ਲਈ ਸੰਘਰਸ਼ ਕਰ ਰਹੇ ਹਨ। ਅਜਿਹੇ 'ਚ ਆਪਣੇ ਪੁੱਤਰ ਦੀ ਮੌਤ ਨਾਲ ਬਲਕੌਰ ਸਿੰਘ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਵੱਡਾ ਝਟਕਾ ਲੱਗਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗੀ ਹੈ। ਜਵਾਨ ਪੁੱਤਰ ਦੀ ਮੌਤ ਨੇ ਉਸ ਨੂੰ ਅੰਦਰੋਂ ਤੋੜ ਕੇ ਰੱਖ ਦਿੱਤਾ ਹੈ। ਉਹ ਆਪਣੇ ਬੇਟੇ ਨੂੰ ਇਨਸਾਫ਼ ਦਿਵਾਉਣ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਨ।
ਲਾਰੈਂਸ ਗੈਂਗ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਦੱਸਣਯੋਗ ਹੈ ਕਿ ਪੁੱਤਰ ਦੇ ਦਿਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਇਨਸਾਫ ਦੀ ਲੜਾਈ ਲੜ੍ਹ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਬਲਕੌਰ ਸਿੰਘ ਨੂੰ ਪਾਕਿਸਤਾਨ ਦੇ ਨੰਬਰਾਂ ਤੋਂ ਕਈ ਵਾਰ ਕਾਲਾਂ ਆ ਚੁੱਕੀਆਂ ਹਨ। ਬਲਕੌਰ ਸਿੰਘ ਪੁੱਤ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਮੁਹਿੰਮ ਚਲਾ ਰਹੇ ਹਨ।
ਦੂਜੇ ਪਾਸੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।