Punjab News: ਗੈਂਗਸਟਰਾਂ ਵੱਲੋਂ ਕਤਲ ਕੀਤੇ ਗਏ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਮਰਥਨ ਵਿੱਚ ਸਾਹਮਣੇ ਆ ਗਏ ਹਨ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਖਹਿਰਾ ਦੇ ਹੱਕ 'ਚ ਇੱਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਸਰਕਾਰ ਵੱਲੋਂ ਤੰਗ ਕਰਨ ਲਈ ਸੁਖਪਾਲ ਖਹਿਰਾ ਨੂੰ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿੱਚ ਡੱਕਿਆ ਗਿਆ ਹੈ। ਉਹ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਨ। 


ਬਲਕੌਰ ਸਿੰਘ ਨੇ ਫੇਸਬੁੱਕ ਪੇਜ ਉੱਪਰ ਲਿਖਿਆ...ਸਰਕਾਰ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰਨ ਤੇ ਝੂਠੇ ਕੇਸ ਪਾ ਕੇ ਜੇਲ੍ਹ ਵਿੱਚ ਰੱਖਣ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਿਰੋਲ ਸਿਆਸੀ ਬਦਲਾਖ਼ੋਰੀ ਹੈ। ਲੋਕਾਂ ਦੀ ਗੱਲ ਕਰਦੀਆਂ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਲਈ ਤਾਂ ਸਰਕਾਰ‌ ਕੋਲ ਤੰਤਰ ਹੈ ਪਰ ਜਿਨ੍ਹਾਂ ਨੇ ਮੇਰੇ ਬੇਟੇ ਦੀ ਸੁਰੱਖਿਆ ਜਾਣਕਾਰੀ ਲੀਕ ਕੀਤੀ, ਉਨ੍ਹਾਂ ਤੱਕ ਪਹੁੰਚਣ ਲਈ ਸਰਕਾਰ ਅਸਫ਼ਲ ਹੈ।







ਦੱਸ ਦੇਈਏ ਕਿ ਕਾਂਗਰਸ ਵਿਧਾਇਕ ਖਹਿਰਾ ਨੂੰ ਪਹਿਲਾਂ 2015 ਦੇ ਡਰੱਗ ਰੈਕੇਟ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ 8 ਸਾਲ ਪਹਿਲਾਂ ਸਰਹੱਦ ਪਾਰੋਂ ਆਈ ਦੋ ਕਿਲੋ ਹੈਰੋਇਨ ਨਾਲ ਸਬੰਧ ਹੋਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। 


ਇਸ ਤੋਂ ਪਹਿਲਾਂ ਕਿ ਉਹ ਜੇਲ੍ਹ ਤੋਂ ਬਾਹਰ ਆਉਂਦੇ, ਪੁਲਿਸ ਨੇ ਸੁਭਾਨਪੁਰ ਥਾਣੇ ਵਿੱਚ ਇੱਕ ਔਰਤ ਰਣਜੀਤ ਕੌਰ ਦੀ ਸ਼ਿਕਾਇਤ 'ਤੇ ਧਾਰਾ 195-ਏ ਤੇ 506 ਆਈਪੀਸੀ ਤਹਿਤ ਐਫਆਈਆਰ ਦਰਜ ਕਰਕੇ 4 ਜਨਵਰੀ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਹੁਣ ਉਹ ਔਰਤਾਂ ਦੇ ਕੇਸ ਵਿੱਚ ਜੇਲ੍ਹ ਵਿੱਚ ਹਨ।


ਹਾਸਲ ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇੱਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਇਸ ਵਿੱਚ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉੱਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਸੀ।