ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਪਾਰਟੀ ਚੋਣ ਪ੍ਰਚਾਰ ਦੌਰਾਨ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੇ ਜਿੰਨੇ ਮਰਜ਼ੀ ਪੋਸਟਰ ਲਾ ਲਵੇ, ਪਰ ਸਿੱਧੂ ਮੂਸੇਵਾਲਾ ਦੀ ਤਸਵੀਰ ਸਾਡੇ ਦਿਲ ਵਿੱਚ ਹੈ, ਜਿਸ ਬਾਰੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ।



ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੂਰਾ ਪੰਥਕ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਟਰੈਕਟਰ-ਟਰਾਲੀ ਲਿਆਵੇਗਾ ਤੇ ਮਸਤੂਆਣਾ ਸਾਹਿਬ ਤੋਂ ਉਨ੍ਹਾਂ ਨੂੰ ਬਿਠਾ ਕੇ ਨਾਮਜ਼ਦਗੀ ਪੱਤਰ ਭਰਾਉਣ ਲਈ ਲਿਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਹਮਾਇਤ ਦਾ ਵਾਅਦਾ ਕੀਤਾ ਸੀ ਪਰ ਉਸ ਤੋਂ ਇੱਕ ਦਿਨ ਬਾਅਦ ਹੀ ਉਸ ਦਾ ਕਤਲ ਕਰ ਦਿੱਤਾ ਗਿਆ।

ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਵਿੱਚ ਕਾਂਗਰਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ਦਾ ਸਹਾਰਾ ਲੈ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ ਹੈ। ਇਸ ਵਿੱਚ ਮੂਸੇਵਾਲਾ ਦੀ ਲਾਸ਼ ਤੇ ਕਬਰ ਦੀ ਤਸਵੀਰ ਦਿਖਾਈ ਗਈ ਹੈ। ਗੀਤ ਵਿੱਚ ਕਿਹਾ ਗਿਆ ਹੈ ਕਿ ਜਿਸ ਦੇ ਪੁੱਤ ਨਹੀਂ ਮੁੜਦੇ, ਉਸ ਮਾਂ ਨੂੰ ਪੁੱਛੋ ਕਿ ਅਸੀਂ ਅਜਿਹੇ ਬਦਲਾਅ ਤੋਂ ਕੀ ਲੈਣਾ ਹੈ?

ਉਧਰ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਸਿੱਧੂ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਦੋ ਦਿਨ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਚੋਣ ਗੀਤ ਲਾਂਚ ਕੀਤਾ ਸੀ। ਇਸ ਵਿੱਚ ਗਾਇਕ ਮੂਸੇਵਾਲਾ ਦੀ ਮ੍ਰਿਤਕ ਦੇਹ ਤੇ ਸਮਾਧ ਦੀ ਤਸਵੀਰ ਦਿਖਾਈ ਗਈ ਸੀ। ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਹੋਰ ਵਿਅਕਤੀ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਾਂ ਆਪਣੀ ਸਿਆਸਤ ਜਾਂ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਨਹੀਂ ਵਰਤਣਾ ਚਾਹੀਦਾ। ਇਸ ਸਬੰਧੀ ਪਰਿਵਾਰ ਨੇ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਅਪੀਲ ਜਾਰੀ ਕੀਤੀ ਹੈ।