ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।


ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ। ਮਾਨ ਸਰਕਾਰ ਨੇ ਉਸ ਦੇ ਕੋਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਕਾਲੇ ਰੰਗ ਦੀ ਗੱਡੀ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਜਾ ਕੇ ਹੀ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਸਮੇਂ ਮੂਸੇਵਾਲਾ ਖੁਦ ਚਲਾ ਰਿਹਾ ਸੀ।


 

ਕਾਂਗਰਸ ਦੀ ਟਿਕਟ 'ਤੇ ਵਿਜੇ ਸਿੰਗਲਾ ਖਿਲਾਫ ਲੜੀ ਸੀ ਚੋਣ  


ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਮੂਸੇਵਾਲਾ ਹਾਰ ਗਏ ਸੀ ਅਤੇ ਉਸ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।

 

ਕੱਲ੍ਹ ਹੀ ਵਕੀਲ ਨੂੰ ਫੋਨ ਕਰਕੇ ਦੱਸਿਆ ਸੀ ਖਤਰਾ 

 

ਸਿੱਧੂ ਮੂਸੇਵਾਲਾ ਨੇ ਕੱਲ੍ਹ ਹੀ ਆਪਣੇ ਵਕੀਲ ਨਾਲ ਗੱਲ ਕੀਤੀ ਸੀ। ਜਿਸ ਵਿੱਚ ਉਸ ਨੇ ਜਾਨ ਦਾ ਖਤਰਾ ਦੱਸਿਆ ਸੀ। ਮੂਸੇਵਾਲਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਅਚਾਨਕ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਲਈ ਇਸ ਲਈ ਕੋਈ ਹੋਰ ਪ੍ਰਬੰਧ ਕਰਨਾ ਪਵੇਗਾ।