ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ ਹਨ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿਮੇਵਾਰ ਠਹਿਰਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਹੈਰਾਨ ਹਾਂ। ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੇਰੀ ਹਮਦਰਦੀ। ਜਿੰਮੇਵਾਰਾਂ ਨੂੰ ਬਿਨਾਂ ਦੇਰੀ ਗ੍ਰਿਫਤਾਰ ਕੀਤਾ ਜਾਵੇ। ਇਹ ਪੰਜਾਬ ਵਿੱਚ ਅਮਨ-ਕਾਨੂੰਨ ਦੀ ਘੋਰ ਵਿਗਾੜ ਨੂੰ ਦਰਸਾਉਂਦਾ ਹੈ। ਤਲਬੀਰ ਸਿੰਘ ਗਿੱਲ, ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ (ਬ) ਤੇ ਇੰਚਾਰਜ ਹਲਕਾ ਅੰਮ੍ਰਿਤਸਰ ਦੱਖਣੀ ਨੇ ਕਿਹਾ ਕਿ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈੰਬਰ ਤਲਬੀਰ ਗਿੱਲ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਹੈ।
ਦੱਸ ਦੇਈਏ ਕਿ ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ। ਮਾਨ ਸਰਕਾਰ ਨੇ ਉਸ ਦੇ ਕੋਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਕਾਲੇ ਰੰਗ ਦੀ ਗੱਡੀ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਜਾ ਕੇ ਹੀ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਸਮੇਂ ਮੂਸੇਵਾਲਾ ਖੁਦ ਚਲਾ ਰਿਹਾ ਸੀ।
ਕਾਂਗਰਸ ਦੀ ਟਿਕਟ 'ਤੇ ਵਿਜੇ ਸਿੰਗਲਾ ਖਿਲਾਫ ਲੜੀ ਸੀ ਚੋਣ
ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਮੂਸੇਵਾਲਾ ਹਾਰ ਗਏ ਸੀ ਅਤੇ ਉਸ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।