ਸਿੱਧੂ ਮੂਸੇਵਾਲਾ ਨੂੰ ਟਿਕਟ ਮਿਲਦਿਆਂ ਹੀ ਪਿਆ ਖਿਲ੍ਹਾਰਾ, ਆਪਣਿਆਂ ਨੇ ਖੜ੍ਹੀ ਕੀਤੀ ਮੁਸੀਬਤ
ਮਾਨਸਾ ਤੋਂ ਕਾਂਗਰਸ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਨਾਲ ਹਲਕੇ ਵਿੱਚ ਘਮਸਾਣ ਮੱਚ ਗਿਆ ਹੈ। ਵਿਰੋਧੀਆਂ ਤੋਂ ਪਹਿਲਾਂ ਕਾਂਗਰਸੀ ਹੀ ਸਿੱਧੂ ਮੂਸੇਵਾਲਾ ਦੇ ਦੁਆਲੇ ਹੋ ਗਏ ਹਨ।
ਚੰਡੀਗੜ੍ਹ: ਮਾਨਸਾ ਤੋਂ ਕਾਂਗਰਸ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਨਾਲ ਹਲਕੇ ਵਿੱਚ ਘਮਸਾਣ ਮੱਚ ਗਿਆ ਹੈ। ਵਿਰੋਧੀਆਂ ਤੋਂ ਪਹਿਲਾਂ ਕਾਂਗਰਸੀ ਹੀ ਸਿੱਧੂ ਮੂਸੇਵਾਲਾ ਦੇ ਦੁਆਲੇ ਹੋ ਗਏ ਹਨ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਹਮਾਇਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਲਈ ਹਾਲਾਤ ਸਿੱਧੂ ਮੂਸੇਵਾਲਾ ਦੇ ਉਲਟ ਬਣ ਗਏ ਹਨ।
ਦੱਸ ਦਈਏ ਕਿ ਟਿਕਟ ਦੇ ਕੁਝ ਦਾਅਵੇਦਾਰਾਂ ਵੱਲੋਂ ਪਹਿਲਾਂ ਤੋਂ ਹੀ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇੱਕ-ਦੂਜੇ ਖਿਲਾਫ ਬਿਆਨਬਾਜ਼ੀ ਦੀ ਚੱਲ ਰਹੀ ਸੀ ਪਰ ਟਿਕਟ ਦਾ ਐਲਾਨ ਹੁੰਦਿਆਂ ਹੀ ਮਰਹੂਮ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪਰਿਵਾਰ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਵੱਡਾ ਧਮਾਕਾ ਕਰ ਦਿੱਤਾ।
ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਤੇ ਉਨ੍ਹਾਂ ਦੀ ਮਾਤਾ ਗੁਰਪ੍ਰੀਤ ਕੌਰ ਗਾਗੋਵਾਲ ਨੇ ਪਹਿਲਾਂ ਹੀ ਸਿੱਧੂ ਮੂਸੇਵਾਲਾ ਨੂੰ ਕੋਈ ਹਮਾਇਤ ਨਾ ਦੇਣ ਤੇ ਆਜ਼ਾਦ ਚੋਣ ਲੜਨ ਦੇ ਸੰਕੇਤ ਦੇ ਦਿੱਤੇ ਸੀ ਪਰ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਲਈ ਟਿਕਟ ਦਾ ਐਲਾਨ ਹੁੰਦਿਆਂ ਹੀ ਅਰਸ਼ਦੀਪ ਸਿੰਘ ਗਾਗੋਵਾਲ ਨੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਤੇ ਉਨ੍ਹਾਂ ਦੇ ਮਾਤਾ ਗੁਰਪ੍ਰੀਤ ਕੌਰ ਗਾਗੋਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸੈਕਟਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਉੱਧਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਪਹਿਲਾਂ ਹੀ ਸਿੱਧੂ ਮੂਸੇਵਾਲਾ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਇਸੇ ਦੌਰਾਨ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਹਮਾਇਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਤੋਂ ਪਹਿਲਾਂ ਇਸ ’ਤੇ ਵਿਚਾਰਾਂ ਕਰਨੀਆਂ ਚਾਹੀਦੀਆਂ ਸਨ ਕਿਉਂਕਿ ਸਿੱਧੂ ਮੂਸੇਵਾਲਾ ਵਧੀਆ ਗਾਇਕ ਹੋ ਸਕਦਾ ਹੈ ਪਰ ਵਧੀਆ ਲੋਕ ਨੁਮਾਇੰਦਾ ਹੋਣਾ ਔਖਾ ਹੈ।