ਚੰਡੀਗੜ੍ਹ : ਪੰਜਾਬ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਾਉਣਾ ਚਾਹੁੰਦੀ ਹੈ। ਇਸ ਦੇ ਲਈ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਕਾਂਗਰਸ ਚਾਹੁੰਦੀ ਹੈ ਕਿ ਮੂਸੇਵਾਲਾ ਦੇ ਪਿਤਾ ਨਿਰਵਿਰੋਧ ਜਿੱਤਣ। ਉਧਰ ਆਮ ਆਦਮੀ ਪਾਰਟੀ ਨੇ ਇੱਥੋਂ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਕੋਈ ਉਮੀਦਵਾਰ ਨਹੀਂ ਐਲਾਨਿਆ। ਸੰਗਰੂਰ ਸੀਟ ਲਈ ਨਾਮਜ਼ਦਗੀਆਂ ਦਾ ਸੋਮਵਾਰ ਆਖਰੀ ਦਿਨ ਹੈ। ਹਾਲਾਂਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਕੋਈ ਪ੍ਰਤਿਕਿਰਿਆ ਨਹੀਂ ਦਿੱਤੀ। ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਖੇਤੀ ਅਰਥ ਸ਼ਾਸਤਰੀ ਜੌਹਲ ਨੇ ਉਠਾਈ ਮੰਗ
ਪਦਮ ਭੂਸ਼ਣ ਖੇਤੀ ਅਰਥ ਸ਼ਾਸਤਰੀ ਡਾ: ਸਰਦਾਰਾ ਸਿੰਘ ਜੌਹਲ ਨੇ ਸਭ ਤੋਂ ਪਹਿਲਾਂ ਇਹ ਮੰਗ ਉਠਾਈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਸੱਭਿਆਚਾਰਕ ਨੁਕਸਾਨ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਮਾਪਿਆਂ ਦੇ ਦੁੱਖ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਫਿਰ ਵੀ ਉਨ੍ਹਾਂ ਨੂੰ ਸੰਗਰੂਰ ਸੀਟ ਤੋਂ ਬਿਨਾਂ ਮੁਕਾਬਲੇ ਜਿਮਨੀ ਚੋਣ ਜਿੱਤਾ ਕੇ ਦੁੱਖ ਵੰਡਾਇਆ ਜਾ ਸਕਦਾ ਹੈ।
ਕਾਂਗਰਸ ਨੇ ਦਿੱਤਾ ਸਮਰਥਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਡਾਕਟਰ ਜੌਹਲ ਦੀ ਗੱਲ ਦਾ ਸਮਰਥਨ ਕਰਦੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਹੋਰ ਪਾਰਟੀਆਂ ਵੀ ਇਸ ਗੱਲ ਲਈ ਸਹਿਮਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿਆਸਤ ਨੂੰ ਪਾਸੇ ਰੱਖ ਕੇ ਇਸ ਮੁੱਦੇ ’ਤੇ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਨੇ ਵੀ ਜਤਾਈ ਸਹਿਮਤੀ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਉਹ ਵੀ ਡਾਕਟਰ ਐਸਐਸ ਜੌਹਲ ਦੀ ਗੱਲ ਦਾ ਸਮਰਥਨ ਕਰਦੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਾਂਝੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਜਾਵੇ। ਮੂਸੇਵਾਲਾ ਨੂੰ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਦੱਸਦਿਆਂ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਦੁਨੀਆ ਦੇ ਲੱਖਾਂ ਪੰਜਾਬੀਆਂ ਨੂੰ ਪ੍ਰੇਰਿਤ ਕੀਤਾ ਹੈ।