ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਇੱਕ ਲੱਖ ਦੇ ਕਰੀਬ ਸਰੋਤਿਆਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਫੈਨਜ਼ ਨਾਲ ਆਪਣੇ ਦਿਲ ਦੀ ਗੱਲ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।

 

ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦਾ ਭੋਗ ਤੇ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਦਿਨ ਦੇ ਸਬੰਧ ਵਿੱਚ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ 8 ਤਰੀਕ ਨੂੰ ਨੌਜਵਾਨ ਪੱਗ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ।


ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।