ਲੁਧਿਆਣਾ: ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਕਿਸਮਤ ਅਜ਼ਮਾਉਗੇ। ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲੇ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਸਿਮਰਜੀਤ ਮਾਨ ਨੇ ਕਿਹਾ ਕਿ ਉਹ 4 ਤਰੀਕ ਨੂੰ ਸੰਗਰੂਰ ਲੋਕ ਸਭਾ ਚੋਣ ਲਈ ਫਾਰਮ ਭਰਨਗੇ। ਉਨ੍ਹਾਂ ਨੇ ਕਿਹਾ ਕਿ ਸੰਗਰੂਰ ਚੋਣਾਂ ਵਿੱਚ ਸਿੱਧੂ ਮੂਸੇਵਾਲੇ ਵੱਲੋਂ ਮਦਦ ਦੀ ਗੱਲ ਕਹੀ ਗਈ ਹੈ।



ਦੱਸ ਦਈਏ ਕਿ ਸਿਮਰਨਜੀਤ ਮਾਨ ਅੱਜ ਕਾਰੋਬਾਰੀਆਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਪਹੁੰਚੇ ਸੀ। ਇੱਥੇ ਵੱਡੀ ਗਿਣਤੀ ਵਿੱਚ ਮੌਜੂਦ ਸਮਰਥਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਲੁਧਿਆਣੇ ਤੋਂ ਕੁਝ ਕਾਰੋਬਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਜੁਆਇਨ ਵੀ ਕੀਤਾ। ਇਸ ਮੌਕੇ ਜਿੱਥੇ ਮਾਨ ਨੇ ਵੋਟਾਂ ਵਿੱਚ ਮਦਦ ਦੀ ਅਪੀਲ ਕੀਤੀ, ਉੱਥੇ ਹੀ ਕੇਂਦਰ ਤੇ ਪੰਜਾਬ ਸਰਕਾਰ ਉੱਪਰ ਵੀ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ ਵਾਹਗਾ ਬਾਰਡਰ ਖੋਲ੍ਹਣ ਨਾਲ ਪੰਜਾਬ ਦੇ ਕਾਰੋਬਾਰੀਆਂ ਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕੇਂਦਰ ਸਰਕਾਰ ਕੱਟੜ ਹਿੰਦੂਵਾਦ ਚਾਹੁੰਦੀ ਹੈ। ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਦੀ ਸਪੋਰਟ ਦੀ ਗੱਲ ਵੀ ਆਖੀ।

ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਬਣਾ ਕੇ ਉਹ ਆਪਣੇ ਤੇ ਲੱਗੇ ਗੈਰ ਪੰਜਾਬੀਆਂ ਨੂੰ ਰਾਜ ਸਭਾ ਮੈਂਬਰ ਬਣਾਉਣ ਵਾਲੇ ਦਾਗ਼ ਧੋਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਬਣਾਉਣ ਦਾ ਸਵਾਗਤ ਕਰਦੇ ਹਨ।

ਦੱਸ ਦਈਏ ਕਿ ਸਿਮਰਨਜੀਤ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਉਹ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਹਨ। ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਉਹ ਮੁੜ ਤੋਂ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।