ਅੰਮ੍ਰਿਤਸਰ : ਮੋਦੀ ਸਰਕਾਰ ਦੇ ਨੋਟ-ਬੰਦੀ ਦੇ ਫ਼ੈਸਲੇ ਕਾਰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵੀ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਹੋਏ ਹਨ। ਪਹਿਲੀ ਵਾਰ ਹੈ ਕਿ 500 ਦੇ ਕਰੀਬ ਸ਼ਰਧਾਲੂ ਵੀਜ਼ਾ ਹੋਣ ਦੇ ਬਾਵਜੂਦ ਪਾਕਿਸਤਾਨ ਰਵਾਨਾ ਨਹੀਂ ਹੋਏ।


ਦੂਜੇ ਪਾਸੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਨੇ ਹਰੀ ਝੰਡੀ ਦਿਖਾ ਕੇ ਪਾਕਿਸਤਾਨ ਰਵਾਨਾ ਕੀਤਾ। ਇਸ ਦੌਰਾਨ ਕਿਰਪਾਲ ਸਿੰਘ ਬੰਡਗੂਰ ਨੇ ਆਖਿਆ ਕਿ ਸ਼ਰਧਾਲੂਆਂ ਦੀ ਦਿੱਕਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਛੋਟੀ ਕਰੰਸੀ ਮੁਹੱਈਆ ਕਰਵਾਈ ਗਈ ਹੈ।

ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤੀ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 21 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਕਰ ਰਹੇ ਹਨ।

ਯਾਦ ਰਹੇ ਕਿ ਦੋਹਾਂ ਦੇਸ਼ਾਂ ਵਿਚਲੇ ਤਣਾਅ ਕਾਰਨ ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਭੇਜਣ ਲਈ ਦੁਚਿੱਤੀ ਵਿੱਚ ਸੀ ਤੇ ਇਸ ਸਬੰਧੀ ਕੇਂਦਰ ਸਰਕਾਰ ਦੇ ਹੁੰਗਾਰੇ ਦੀ ਉਡੀਕ ਕੀਤੀ ਜਾ ਰਹੀ ਸੀ। ਪਰ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਿਆ ਹੈ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ, ਜੰਮੂ ਕਸ਼ਮੀਰ ਤੇ ਹਰਿਆਣਾ ਦੇ ਸਿੱਖ ਵੀ ਇਸ ਜਥੇ ਰਾਹੀਂ ਪਾਕਿਸਤਾਨ ਗਏ ਹਨ।

ਪਾਕਿਸਤਾਨ ਨੇ ਕਰੀਬ 3 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ 1249 ਸ਼ਰਧਾਲੂ ਵੀ ਸ਼ਾਮਲ ਹਨ। ਜਥਾ 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖਪੂਰਾ) ਦੇ ਦਰਸ਼ਨਾਂ ਤੋਂ ਬਾਅਦ ਗੁਰਦੁਆਰਾ ਨਨਕਾਣਾ ਸਾਹਿਬ ਜਾਵੇਗਾ।

14 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। 15 ਨਵੰਬਰ ਨੂੰ ਨਨਕਾਣਾ ਸਾਹਿਬ ਤੋਂ ਜਥੇ ਦੀ ਰਵਾਨਗੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਹੋਵੇਗੀ। ਜਥਾ 17 ਨਵੰਬਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਲਈ ਰਵਾਨਾ ਹੋਵੇਗਾ ਤੇ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ (ਐਮਨਾਬਾਦ) ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਵਾਪਸ ਪੁੱਜੇਗਾ। ਇਹ ਜਥਾ 21 ਨਵੰਬਰ ਨੂੰ ਦੇਸ਼ ਪਰਤੇਗਾ।