ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਵੱਲੋਂ ਬਹਿਬਲਕਲਾਂ ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸਿੱਟ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾਉਣ ਬਾਅਦ ਸਿੱਖ ਸੰਗਤਾਂ 'ਚ ਗੁੱਸਾ ਵਧ ਗਿਆ ਹੈ। ਇਸੇ ਦੇ ਚੱਲਦਿਆਂ ਅੱਜ ਬਰਗਾੜੀ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਤੋਂ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੇ ਇਲੈਕਸ਼ਨ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਸਿੱਖ ਜਥੇਬੰਦੀਆਂ ਲਗਾਤਾਰ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ। ਸਿੱਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ SIT ਵਿੱਚੋਂ ਬਦਲੀ ਕੀਤੇ ਜਾਣ ਦੇ ਵਿਰੋਧ ਵਿੱਚ ਸਿੱਖ ਸੰਗਤਾਂ ਨੇ ਬਰਗਾੜੀ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਤੋਂ ਪਿੰਡ ਦੇ ਬੱਸ ਸਟੈਂਡ ਤਕ ਰੋਸ ਮਾਰਚ ਕੱਢਿਆ।

ਇਸ ਮੌਕੇ ਸਿੱਖ ਆਗੂਆਂ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਸਿੱਟ ਮੈਂਬਰ ਵਜੋਂ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ 11 ਅਪਰੈਲ ਤਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਤਾਇਨਾਤੀ ਮੁੜ ਨਾ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਦਿੱਲੀ 'ਚ ਵੱਡੇ ਪੱਧਰ 'ਤੇ ਭਾਰਤੀ ਚੋਣ ਕਮਿਸ਼ਨ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਨਗੀਆਂ।